ਪੰਜਾਬ ਸਰਕਾਰ ਕੋਲ ਬੇਅਦਬੀ ਕਾਨੂੰਨ ’ਚ ਸੋਧ ਲਈ ਦੋ ਮਹੀਨੇ ਦਾ ਸਮਾਂ: ਜਥੇਦਾਰ ਗੜਗੱਜ
ਅੰਮ੍ਰਿਤਸਰ 3 ਸਤੰਬਰ 2026
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਬੇਅਦਬੀ ਕਾਨੂੰਨ ਵਿੱਚ ਲੋੜੀਂਦੀ ਸੋਧ ਕਰਨ ਲਈ ਪੰਜਾਬ ਸਰਕਾਰ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਇਹ ਗੱਲ ਪ੍ਰੈੱਸ ਕਾਨਫਰੰਸ ਦੌਰਾਨ ਕਹੀ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਬੇਅਦਬੀ ਕਾਨੂੰਨ ਵਿੱਚ ਸੋਧ ਸਬੰਧੀ ਸੁਝਾਅ ਦੇਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਦੋ ਸੇਵਾਮੁਕਤ ਜੱਜਾਂ ਤੋਂ ਇਲਾਵਾ ਹੋਰ ਕਾਨੂੰਨੀ ਮਾਹਿਰ ਅਤੇ ਵਿਦਵਾਨ ਸ਼ਾਮਲ ਹਨ। ਕਮੇਟੀ ਵੱਲੋਂ ਕਾਨੂੰਨ ਦੇ ਵੱਖ-ਵੱਖ ਪੱਖਾਂ ’ਤੇ ਵਿਚਾਰ ਕਰਨ ਉਪਰੰਤ ਸਰਕਾਰ ਨੂੰ ਲੋੜੀਂਦੀਆਂ ਸੋਧਾਂ ਸਬੰਧੀ ਸੁਝਾਅ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਡੂੰਘੀ ਚਿੰਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਯਕੀਨੀ ਬਣਾਉਣੀ ਜ਼ਰੂਰੀ ਹੈ। ਜਥੇਦਾਰ ਗੜਗੱਜ ਨੇ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਰਧਾਰਤ ਦੋ ਮਹੀਨਿਆਂ ਦੇ ਸਮੇਂ ਅੰਦਰ ਬੇਅਦਬੀ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਨਾ ਕੀਤੀਆਂ ਗਈਆਂ ਤਾਂ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੋਖੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ।







