ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

Top Trending News ਪੰਜਾਬ

  • ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ
  • ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜੁਆਨਾਂ ਨੂੰ ਨਸ਼ਿਆਂ ਦੀ ਅਲਾਮਤ ਤਿਆਗਣ ਤੇ ਸਿੱਖ ਸਿਧਾਂਤਾਂ ਪ੍ਰਤੀ ਸਮਰਪਣ ਲਈ ਆਖਿਆ
  • ਮੀਰੀ ਪੀਰੀ ਖ਼ਾਲਸਾ ਮਾਰਚ ਨੇ ਸੈਂਕੜੇ ਪਿੰਡਾਂ ਵਿਚ ਦਿੱਤਾ ਸਿੱਖੀ ਤੇ ਨਸ਼ਾ ਮੁਕਤੀ ਦਾ ਸੰਦੇਸ਼- ਐਡਵੋਕੇਟ ਧਾਮੀ

ਰੋਪੜ/ਅੰਮ੍ਰਿਤਸਰ, 4 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਾਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਖਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨਿਭਾਈ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੇ ਹੁਣ ਤੀਕ ਸੈਂਕੜੇ ਪਿੰਡਾਂ ਵਿੱਚੋਂ ਲੰਘਦਿਆਂ ਗੁਰੂ ਦੇ ਸਿਧਾਂਤ ਤੇ ਪੰਥਕ ਪ੍ਰੰਪਰਾਵਾਂ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਸਤੇ ਵਿਚ ਬਹੁਤ ਸਾਰੇ ਪਿੰਡਾਂ ਦੀਆਂ ਸੱਥਾਂ ਵਿਚ ਬਜ਼ੁਰਗਾਂ ਨੂੰ ਮਿਲਦਿਆਂ ਪੰਜਾਬ ਦੇ ਅਸਲ ਹਾਲਾਤ ਦਾ ਪਤਾ ਲੱਗੇ ਹਨ। ਬਹੁਤ ਸਾਰੇ ਨੌਜੁਆਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਬਹੁਤ ਸਾਰੇ ਪਿੰਡਾਂ ਵਿਚ 10 ਤੋਂ 15 ਨੌਜੁਆਨ ਨਸ਼ੇ ਦਾ ਸ਼ਿਕਾਰ ਹੋਏ ਹਨ। ਸਰਕਾਰ ਨਸ਼ਾ ਵੇਚਣ ਵਾਲਿਆਂ ਖਿਲਾਫ਼ ਤਾਂ ਕਾਰਵਾਈ ਨਹੀਂ ਕਰਦੀ, ਪਰ ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਸਰਕਾਰੀ ਤਸ਼ੱਦਦ ਦਾ ਸਾਹਮਣਾ ਜ਼ਰੂਰ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਬਹੁਤ ਸਾਰੇ ਨੌਜੁਆਨਾਂ ਨੇ ਮਿਲ ਕੇ ਜਿਥੇ ਸਿੱਖੀ ਸਰੂਪ ਵਿਚ ਮੁੜ ਆਉਣ ਦਾ ਪ੍ਰਣ ਕੀਤਾ, ਉਥੇ ਹੀ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਲਈ ਵੀ ਵਚਨ ਲਿਆ, ਇਹ ਖ਼ਾਲਸਾ ਮਾਰਚ ਦੀ ਉਪਲੱਬਧੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿੱਖ ਸਿਧਾਂਤਾਂ ਦਾ ਪ੍ਰਚਾਰ ਕਰਨਾ ਅਤੇ ਸਮਾਜਿਕ ਬੁਰਾਈਆਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਸੋਚ ਸਿੱਖਾਂ ਸਿਧਾਂਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਯਤਨਸ਼ੀਲ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਗੁਰੂ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਵੱਲੋਂ ਮਿਲੇ ਭਰਵੇਂ ਸਮਰਥਨ ਲਈ ਧੰਨਵਾਦ ਵੀ ਕੀਤਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਵਿਚ ਫੈਲੀਆਂ ਊਚ-ਨੀਚ ਤੇ ਜਾਤ-ਪਾਤ ਦੀਆਂ ਵੰਡੀਆਂ ਨੂੰ ਖ਼ਤਮ ਕਰਕੇ ਹਰ ਮਨੁੱਖ ਨੂੰ ਬਰਾਬਰੀ ਤੇ ਸਤਿਕਾਰ ਬਖ਼ਸ਼ਿਆ। ਦੱਬੇ ਕੁਚਲੇ ਵਰਗਾਂ ਨੂੰ ਮਾਣ ਦੇ ਕੇ ਗੁਰੂ ਸਾਹਿਬ ਨੇ ਸਮੇਂ ਦੀ ਸਮਾਜਿਕ ਤੇ ਹਕੂਮਤੀ ਵਿਵਸਥਾ ਨੂੰ ਵੀ ਚੁਣੌਤੀ ਦਿੱਤੀ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਮੀਰੀ ਪੀਰੀ ਦਾ ਸਿਧਾਂਤ ਬਖ਼ਸ਼ ਕੇ ਸੰਤ ਸਿਪਾਹੀ ਹੋਣ ਦਾ ਮਾਣ ਬਖ਼ਸ਼ਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੇ ਗੁਰੂ ਬਖ਼ਸ਼ੇ ਸਿਧਾਂਤ ’ਤੇ ਚੱਲਦਿਆਂ ਹਮੇਸ਼ਾ ਸਰਬੱਤ ਦੇ ਭਲੇ ਲਈ ਕਾਰਜ ਕੀਤੇ। ਜਦੋਂ ਵੀ ਕਦੇ ਮਨੁੱਖਤਾ ਨੂੰ ਲੋੜ ਪਈ ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਮੋਹਰੀ ਹੋ ਕੇ ਜ਼ੁੰਮੇਵਾਰੀ ਨਿਭਾਈ।

ਉਨ੍ਹਾਂ ਕਿਹਾ ਕਿ ਨੇਪਾਲ ਵਿਚ ਆਏ ਤਾਜ਼ਾ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਨੇ ਮੈਂਬਰਾਂ ਦਾ ਵਫ਼ਦ ਨੇਪਾਲ ਭੇਜਿਆ ਗਿਆ ਹੈ, ਜੋ ਉਥੇ ਲੋਕਾਂ ਦੀ ਸਹਾਇਤਾ ਲਈ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜੋ ਮਾਨਵਤਾ ਦੇ ਭਲੇ ਦਾ ਸਿਧਾਂਤ ਬਖ਼ਸਿਆ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਉਸ ਸਿਧਾਂਤ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਦੂਰ ਕਰਨ ਦਾ ਯਤਨ ਕਰਨ ਰਹੀਆਂ ਹਨ, ਪਰ ਖ਼ਾਲਸਾ ਮਾਰਚ ਨੂੰ ਪਿੰਡ-ਪਿੰਡ ਮਿਲਿਆ ਸੰਗਤ ਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਰਹੇਗਾ। ਉਨ੍ਹਾਂ ਖ਼ਾਲਸਾ ਮਾਰਚ ਦੌਰਾਨ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਸ. ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਰਜੀਤ ਸਿੰਘ, ਮੈਨੇਜਰ ਸ. ਜਸਬੀਰ ਸਿੰਘ, ਸ. ਸਰਬਦਿਆਲ ਸਿੰਘ, ਬਾਬਾ ਮੋਹਨ ਸਿੰਘ, ਹੈੱਡ ਗ੍ਰੰਥੀ ਭਾਈ ਪਵਿੱਤਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਸ. ਗੁਰਵਿੰਦਰ ਸਿੰਘ ਮੁਹਾਲੀ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।