- ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
- ਮੁਲਜ਼ਮ ਲਾਇਸੈਂਸੀ ਰਾਈਫਲ ਸਮੇਤ ਫਰਾਰ
ਸੰਗਰੂਰ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਦੇ ਪਿੰਡ ਦਸਮੇਸ਼ ਨਗਰ ਕੋਠੇ ਦਸਕਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਲਹਿਰਾਗਾਗਾ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਮੀਨ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਲਾਇਸੈਂਸੀ 12 ਬੋਰ ਰਾਈਫਲ ਨਾਲ ਚਲਾਈ ਗੋਲੀ
ਲਹਿਰਾਗਾਗਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਸਤਗੁਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਹਾਦਰਪੁਰ ਦੇ ਬਿਆਨਾਂ ਦੇ ਆਧਾਰ ’ਤੇ ਬੂਟਾ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਦਸਕਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਕਥਿਤ ਤੌਰ ’ਤੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਰਾਈਫਲ ਸਮੇਤ ਫਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਲਾਸ਼ ਪੋਸਟਮਾਰਟਮ ਲਈ ਪਟਿਆਲਾ ਭੇਜੀ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪਟਿਆਲਾ ਦੇ ਹਸਪਤਾਲ ਭੇਜ ਦਿੱਤਾ ਹੈ। ਥਾਣਾ ਲਹਿਰਾ ਵਿੱਚ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103(1) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਕੇਸ ਨੰਬਰ 261 ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।







