“ਅਕਾਲੀ ਦਲ ਵਾਰਿਸ ਪੰਜਾਬ” ਨੇ ਗੱਠਜੋੜ ਬਾਰੇ ਦਿੱਤਾ ਵੱਡਾ ਬਿਆਨ, ਇਆਲੀ ਬੋਲੇ- ਦਿੱਲੀ ਵਾਲਿਆਂ ਨਾਲ ਸਮਝੌਤਾ ਨਹੀਂ ਕਰਾਂਗੇ!

Top Trending News ਪੰਜਾਬ

 

“ਅਕਾਲੀ ਦਲ ਵਾਰਿਸ ਪੰਜਾਬ” ਨੇ ਗੱਠਜੋੜ ਬਾਰੇ ਦਿੱਤਾ ਵੱਡਾ ਬਿਆਨ, ਇਆਲੀ ਬੋਲੇ- ਦਿੱਲੀ ਵਾਲਿਆਂ ਨਾਲ ਸਮਝੌਤਾ ਨਹੀਂ ਕਰਾਂਗੇ!

ਦਿੱਲੀ ਦੀ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ: ਮਨਪ੍ਰੀਤ ਇਆਲੀ

ਚੰਡੀਗੜ੍ਹ, 6 ਸਤੰਬਰ 2026: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੀ ਭਵਿੱਖੀ ਸਿਆਸੀ ਰਣਨੀਤੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ (ਵਾਰਸ ਪੰਜਾਬ ਦੇ) ਦਾ ਦਿੱਲੀ ਦੀ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਪਣੀ ਪੰਥਕ ਸੋਚ ਅਤੇ ਸਿਧਾਂਤਾਂ ’ਤੇ ਕਾਇਮ ਰਹਿੰਦਿਆਂ ਪੰਜਾਬ ਦੀ ਸਿਆਸਤ ਵਿੱਚ ਅੱਗੇ ਵਧੇਗੀ।

ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਇੱਕ ਪੰਥਕ ਪਾਰਟੀ ਹੈ ਅਤੇ ਇਸ ਦਾ ਮੁੱਖ ਉਦੇਸ਼ ਪੰਥਕ ਧਿਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਰੀਆਂ ਪੰਥਕ ਤਾਕਤਾਂ ਨੂੰ ਇਕਜੁੱਟ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਸਕੇ।

ਉਨ੍ਹਾਂ ਦਿੱਲੀ ਦੀਆਂ ਸਿਆਸੀ ਪਾਰਟੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਸੱਤਾ ਜਾਂ ਸਿਆਸੀ ਲਾਭ ਲਈ ਪਾਰਟੀ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰੇਗੀ। ਇਆਲੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਪੰਥਕ ਧਿਰਾਂ ਦੀ ਆਪਣੀ ਵੱਖਰੀ ਪਛਾਣ ਅਤੇ ਭੂਮਿਕਾ ਹੈ ਅਤੇ ਇਸ ਪਛਾਣ ਨੂੰ ਕਾਇਮ ਰੱਖਣਾ ਜ਼ਰੂਰੀ ਹੈ।

ਵਿਧਾਇਕ ਇਆਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਪੰਥਕ ਧਿਰਾਂ ਨਾਲ ਸੰਪਰਕ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਹਿੱਤਾਂ ਅਤੇ ਪੰਥਕ ਏਕਤਾ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਧਿਰਾਂ ਨੂੰ ਇੱਕਜੁੱਟ ਕਰਨ ਵਿੱਚ ਸਫਲਤਾ ਮਿਲੇਗੀ। ਉਨ੍ਹਾਂ ਦੇ ਇਸ ਬਿਆਨ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।