ਕੁਦਰਤ ਦਾ ਕਹਿਰ; ਭਾਰੀ ਬਰਸਾਤ ਨੇ ਮਚਾਈ ਤਬਾਹੀ, ਹੁਣ ਤੱਕ 270 ਲੋਕਾਂ ਦੀ ਮੌਤ

Top Trending News ਪੰਜਾਬ

 

ਕੁਦਰਤ ਦਾ ਕਹਿਰ; ਭਾਰੀ ਬਰਸਾਤ ਨੇ ਮਚਾਈ ਤਬਾਹੀ, ਹੁਣ ਤੱਕ 270 ਲੋਕਾਂ ਦੀ ਮੌਤ

ਸ਼ਿਮਲਾ, 6 ਸਤੰਬਰ: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਭਾਰੀ ਬਰਸਾਤ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਵਿੱਚ ਮੀਂਹ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਕਾਰਨ ਹੁਣ ਤੱਕ 270 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 492 ਲੋਕ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ 3 ਲੋਕ ਲਾਪਤਾ ਦੱਸੇ ਜਾ ਰਹੇ ਹਨ।

ਭਾਰੀ ਮੀਂਹ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਹੋਇਆ ਹੈ। 110 ਤੋਂ ਵੱਧ ਘਰਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਵੱਡਾ ਨੁਕਸਾਨ ਹੋਣ ਦੀ ਜਾਣਕਾਰੀ ਹੈ, ਜਿਸ ਕਾਰਨ ਆਵਾਜਾਈ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਨੂੰ ਰਾਹਤ ਰਾਸ਼ੀ ਮਿਲਣ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਸੂਬੇ ਲਈ ਰਾਹਤ ਅਤੇ ਪੁਨਰਵਾਸ ਵਾਸਤੇ ਲੋੜੀਂਦੀ ਸਹਾਇਤਾ ਰਾਸ਼ੀ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹੋਏ ਨੁਕਸਾਨ ਨਾਲ ਨਜਿੱਠਣ ਲਈ ਕੇਂਦਰ ਦੀ ਤੁਰੰਤ ਮਦਦ ਬੇਹੱਦ ਜ਼ਰੂਰੀ ਹੈ।