ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 5 ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

Top Trending News ਪੰਜਾਬ

  • ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 5 ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ
  • ਕਰੀਬ 17 ਕਿਲੋਮੀਟਰ ਸੜਕੀ ਨੈੱਟਵਰਕ ਹੋਵੇਗਾ ਮਜ਼ਬੂਤ, ਪਿੰਡ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਆਵਾਜਾਈ ਸਹੂਲਤਾਂ: ਹਰਪਾਲ ਸਿੰਘ ਚੀਮਾ
  • ਕਿਹਾ, ਮਿਆਰੀ ਸੜਕਾਂ ਨਾਲ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਹੋਵੇਗਾ ਸਿੱਧਾ ਲਾਭ
  • ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਹਰਪਾਲ ਸਿੰਘ ਚੀਮਾ

ਦਿੜ੍ਹਬਾ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਅਤੇ ਤੂਰਬੰਜਾਰਾ ਵਿਖੇ ਕਰੀਬ 09 ਕਰੋੜ 15 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪੰਜ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਮੁੱਖ ਤਰਜੀਹ ਬਣਾਇਆ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਸਿਰਫ਼ ਆਵਾਜਾਈ ਦਾ ਸਾਧਨ ਨਹੀਂ ਹਨ, ਸਗੋਂ ਇਹ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸੜਕੀ ਸੰਪਰਕ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਖੇਤੀ ਉਪਜ ਮੰਡੀਆਂ ਤੱਕ ਪਹੁੰਚਾਉਣ ਵਿੱਚ ਸਹੂਲਤ ਮਿਲਦੀ ਹੈ, ਉੱਥੇ ਹੀ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਵੀ ਸੁਖਾਲੀ ਹੁੰਦੀ ਹੈ।

ਸ. ਚੀਮਾ ਨੇ ਦੱਸਿਆ ਕਿ ਲਾਡਬੰਜਾਰਾ ਕਲਾਂ ਵਿਖੇ 5 ਕਰੋੜ 22 ਲੱਖ 64 ਹਜਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿੰਨ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਡਬੰਜਾਰਾ ਤੋਂ ਸ਼ਾਦੀਹਰੀ ਤੱਕ 3.75 ਕਿਲੋਮੀਟਰ ਸੜਕ ਦਾ ਕੰਮ 148.41 ਲੱਖ ਰੁਪਏ, ਲਾਡਬੰਜਾਰਾ ਤੋਂ ਨਿਹਾਲਗੜ੍ਹ ਤੱਕ 2.40 ਕਿਲੋਮੀਟਰ ਸੜਕ ਦਾ ਕੰਮ 123.80 ਲੱਖ ਰੁਪਏ ਅਤੇ ਲਾਡਬੰਜਾਰਾ ਤੋਂ ਖੇਤਲਾ ਤੱਕ 4 ਕਿਲੋਮੀਟਰ ਸੜਕ ਦਾ ਕੰਮ 250.43 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।

ਇਸੇ ਤਰ੍ਹਾਂ ਤੂਰਬੰਜਾਰਾ ਵਿਖੇ 3 ਕਰੋੜ 92 ਲੱਖ 65 ਹਜਾਰ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟ ਲੋਕਾਂ ਨੰਕ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਤੂਰਬੰਜਾਰਾ ਤੋਂ ਦਿੜ੍ਹਬਾ ਤੱਕ 2.80 ਕਿਲੋਮੀਟਰ ਸੜਕ 168.47 ਲੱਖ ਰੁਪਏ ਅਤੇ ਤੂਰਬੰਜਾਰਾ ਤੋਂ ਗੁੱਜਰਾਂ ਤੱਕ 4 ਕਿਲੋਮੀਟਰ ਸੜਕ 224.18 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੰਜ ਸੜਕੀ ਪ੍ਰੋਜੈਕਟਾਂ ਨਾਲ ਕਰੀਬ 16.95 ਕਿਲੋਮੀਟਰ ਸੜਕੀ ਨੈੱਟਵਰਕ ਮਜ਼ਬੂਤ ਹੋਇਆ ਹੈ, ਜਿਸ ਨਾਲ ਇਲਾਕੇ ਦੇ ਪਿੰਡਾਂ ਵਿਚਕਾਰ ਸੰਪਰਕ ਹੋਰ ਬਿਹਤਰ ਹੋਵੇਗਾ ਅਤੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸ ਨੀਤੀ ਦੇ ਕੇਂਦਰ ਵਿੱਚ ਆਮ ਲੋਕ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰੀ ਖ਼ਜ਼ਾਨੇ ਦੀ ਸੁਚੱਜੀ ਵਰਤੋਂ ਕਰਦਿਆਂ ਲੋਕ-ਹਿੱਤ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਵਿਕਾਸ ਦਾ ਲਾਭ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚੇ।
ਵਿੱਤ ਮੰਤਰੀ ਨੇ ਕਿਹਾ ਕਿ ਮਜ਼ਬੂਤ ਸੜਕੀ ਨੈੱਟਵਰਕ ਪੇਂਡੂ ਖੇਤਰਾਂ ਵਿੱਚ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।