- ਭਾਜਪਾ ਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਬਲਬੀਰ ਸਿੱਧੂ/ਰਾਜ ਕੁਮਾਰ ਵੇਰਕਾ
ਮੋਹਾਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਮੋਹਾਲੀ ਵਿਖੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਲੋਕਾਂ ਦੇ ਅਸਲ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਸਿਆਸੀ ਧਰੁਵੀਕਰਨ ਦੀ ਰਾਜਨੀਤੀ ਨੂੰ ਹਵਾ ਦੇ ਰਹੀਆਂ ਹਨ।
ਡਾ. ਰਾਜ ਕੁਮਾਰ ਵੇਰਕਾ ਨੇ ਹਲਦਵਾਨੀ ਵਿਖੇ ਸ਼੍ਰੀ ਮਲਿਕਅਰਜੁਨ ਖੜਗੇ ਜੀ ਦੇ ਸਮਾਗਮ ਤੋਂ ਬਾਅਦ ਵਾਪਰੀ ‘ਸ਼ੁੱਧੀਕਰਨ’ ਦੀ ਘਟਨਾ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਘਟਨਾ ਦੇਸ਼ ਦੀਆਂ ਲੋਕਤਾਂਤਰਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਮਲਿਕਅਰਜੁਨ ਖੜਗੇ ਜੀ ਨਾਲ ਜਾਤੀ ਦੇ ਆਧਾਰ ’ਤੇ ਅਜਿਹਾ ਵਿਵਹਾਰ ਕੀਤੇ ਜਾਣ ਦੇ ਬਾਵਜੂਦ ਭਾਜਪਾ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਸਵਾਲ ਕੀਤਾ ਕਿ ਜੇਕਰ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਕੌਮੀ ਪ੍ਰਧਾਨ ਨਾਲ ਅਜਿਹਾ ਅਪਮਾਨਜਨਕ ਵਿਵਹਾਰ ਕੀਤਾ ਜਾਂਦਾ ਹੈ ਤਾਂ ਕੇਂਦਰ ਦੀ ਭਾਜਪਾ ਸਰਕਾਰ ਇਸ ਮਾਮਲੇ ਵਿੱਚ ਚੁੱਪ ਕਿਉਂ ਹੈ? ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਵੰਡ ਪੈਦਾ ਕਰਦੀਆਂ ਹਨ ਅਤੇ ਸੰਵਿਧਾਨ ਵੱਲੋਂ ਦਿੱਤੇ ਬਰਾਬਰੀ ਦੇ ਅਧਿਕਾਰਾਂ ਦੀ ਭਾਵਨਾ ਦੇ ਉਲਟ ਹਨ।
ਡਾ. ਵੇਰਕਾ ਨੇ ਕਿਹਾ ਕਿ ਜਦੋਂ ਸ਼੍ਰੀ ਰਾਹੁਲ ਗਾਂਧੀ ਜੀ ਨੇ ਇਸ ਦਲਿਤ ਵਿਰੋਧੀ ਸੋਚ ਅਤੇ ਘਟਨਾ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ, ਤਾਂ ਲੋਕਾਂ ਦੀ ਆਵਾਜ਼ ਸੁਣਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਲਟਾ ਸ਼੍ਰੀ ਰਾਹੁਲ ਗਾਂਧੀ ਜੀ ’ਤੇ ਹੀ ਐੱਫ.ਆਈ.ਆਰ. ਦਰਜ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਬੇਨਕਾਬ ਕਰਦਾ ਹੈ ਕਿ ਇੱਕ ਪਾਸੇ ਦਲਿਤਾਂ ਨਾਲ ਹੋ ਰਹੇ ਅਪਮਾਨ ’ਤੇ ਚੁੱਪੀ ਧਾਰੀ ਜਾ ਰਹੀ ਹੈ ਅਤੇ ਦੂਜੇ ਪਾਸੇ ਉਸ ਦੇ ਵਿਰੋਧ ਵਿੱਚ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਅਤੇ ਦੋਹਰੇ ਮਾਪਦੰਡਾਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਤੋਂ ਤਿੱਖੇ ਸਵਾਲ ਪੁੱਛੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਲਦਵਾਨੀ ਦੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ।
ਉਨ੍ਹਾਂ ਕਿਹਾ ਕਿ ਉੱਤਰਾਖੰਡ ਭਾਜਪਾ ਦੇ ਪ੍ਰਧਾਨ ਮਹਿੰਦਰ ਭੱਟ ਵੱਲੋਂ ਇਸ ਘਟਨਾ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਹੋਰ ਵੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿੰਮੇਵਾਰ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਡਾ. ਵੇਰਕਾ ਨੇ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਦੀ ਵੰਡਵਾਦੀ ਅਤੇ ਧਰੁਵੀਕਰਨ ਦੀ ਰਾਜਨੀਤੀ ਕਰ ਰਹੀ ਹੈ, ਉਸੇ ਤਰਜ਼ ’ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਦਬਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪਣੇ ਹੱਕਾਂ ਲਈ ਆਵਾਜ਼ ਚੁੱਕਣ ਵਾਲੇ ਕਿਸਾਨਾਂ, ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਵਰਗਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾਂਦਾ ਹੈ ਅਤੇ ਮਾਮਲੇ ਦਰਜ ਕੀਤੇ ਜਾਂਦੇ ਹਨ।
ਉਨ੍ਹਾਂ ਸੰਗਰੂਰ ਦੇ ਪਿੰਡ ਸ਼ੇਰੋ ਦੇ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੋ ਨੌਜਵਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ, ਉਸ ਨੂੰ ਡਰਾਉਣ-ਧਮਕਾਉਣ ਦੀ ਬਜਾਏ ਸਰਕਾਰ ਨੂੰ ਉਸ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਨੂੰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।
ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਵਿੱਚ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ, ਕਾਨੂੰਨ-ਵਿਵਸਥਾ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਲਗਾਤਾਰ ਗੰਭੀਰ ਹੋ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਕੰਮ ਕਰਨ ਦੀ ਬਜਾਏ ਸਿਆਸੀ ਪ੍ਰਚਾਰ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਦੋਵੇਂ ਲੋਕਾਂ ਨੂੰ ਜਵਾਬ ਦੇਣ ਕਿ ਨਸ਼ਿਆਂ ਦੀ ਸਪਲਾਈ ’ਤੇ ਕਾਬੂ ਪਾਉਣ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਸਰਕਾਰਾਂ ਕਿੱਥੇ ਨਾਕਾਮ ਰਹੀਆਂ ਹਨ।
ਬਲਬੀਰ ਸਿੰਘ ਸਿੱਧੂ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਸੰਵਿਧਾਨਕ ਅਧਿਕਾਰਾਂ ਲਈ ਆਪਣੀ ਆਵਾਜ਼ ਹੋਰ ਬੁਲੰਦ ਕਰੇਗੀ। ਭਾਜਪਾ ਅਤੇ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੂਬੇ ਭਰ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 8 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਵੱਡਾ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਮਹਿੰਗਾਈ, ਨਸ਼ਿਆਂ, ਬੇਰੁਜ਼ਗਾਰੀ, ਲੋਕਾਂ ਦੀ ਆਵਾਜ਼ ਦਬਾਉਣ, ਦਲਿਤਾਂ ਨਾਲ ਹੋ ਰਹੇ ਵਿਤਕਰੇ ਅਤੇ ਪੰਜਾਬ ਦੇ ਮਾੜੇ ਹੋ ਰਹੇ ਹਾਲਾਤ ਸਮੇਤ ਵੱਖ-ਵੱਖ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ।
ਅੰਤ ਵਿੱਚ ਬਲਬੀਰ ਸਿੰਘ ਸਿੱਧੂ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਲੋਕਾਂ ਦੇ ਅਸਲ ਮੁੱਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੜਕ ਤੋਂ ਲੈ ਕੇ ਵਿਧਾਨ ਸਭਾ ਅਤੇ ਸੰਸਦ ਤੱਕ ਇਨ੍ਹਾਂ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।







