- ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ; ਵੋਟਰ ਰਜਿਸਟ੍ਰੇਸ਼ਨ ਤੇ ਵੇਰਵਿਆਂ ਵਿੱਚ ਸੋਧ ਦੀ ਸਹੂਲਤ
- 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨੌਜਵਾਨ/ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ: ਜ਼ਿਲ੍ਹਾ ਚੋਣ ਅਫ਼ਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਐਸ ਆਈ ਆਰ-2026 ਦੇ ਰੋਲ ਆਬਜ਼ਰਵਰ ਸ੍ਰੀ ਮੁਹੰਮਦ ਤਾਇਬ (2007 ਬੈਚ ਦੇ ਆਈ ਏ ਐਸ ਅਧਿਕਾਰੀ), ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦਾ ਦੌਰਾ ਕਰਕੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਨਟੈਂਸਿਵ ਰਿਵੀਜ਼ਨ)-2026 ਤਹਿਤ ਚੱਲ ਰਹੀ ਪ੍ਰਕਿਰਿਆ, ਖਾਸ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖ਼ਲ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਦੌਰੇ ਦੌਰਾਨ ਰੋਲ ਆਬਜ਼ਰਵਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਵੋਟਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਸਥਿਤ ਤਿੰਨ ਪੋਲਿੰਗ ਬੂਥਾਂ ਅਤੇ ਖਰੜ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ, ਮੁੰਡੀ ਖਰੜ ਅਤੇ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਵਿਖੇ ਸਥਿਤ ਪੋਲਿੰਗ ਬੂਥਾਂ ਦਾ ਦੌਰਾ ਕੀਤਾ।
ਪੋਲਿੰਗ ਬੂਥਾਂ ’ਤੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀ ਐਲ ਓਜ਼) ਅਤੇ ਨਾਗਰਿਕਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੁਹੰਮਦ ਤਾਇਬ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਵੇਰਵਿਆਂ ਦੀ ਸੋਧ ਅਤੇ ਵੋਟਰਾਂ ਦੇ ਪਤੇ ਬਦਲਣ/ਸ਼ਿਫਟਿੰਗ ਸਬੰਧੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6, ਐਨ ਆਰ ਆਈ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6ਏ ਅਤੇ ਪਤਾ ਬਦਲਣ/ਸ਼ਿਫਟਿੰਗ ਜਾਂ ਵੋਟਰ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਮਿਤੀ 12 ਸਤੰਬਰ, 2026 ਤੱਕ ਜ਼ਰੂਰ ਜਮ੍ਹਾਂ ਕਰਵਾਉਣ।
ਰੋਲ ਆਬਜ਼ਰਵਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਨਾਲ ਵਿਸਥਾਰਤ ਮੀਟਿੰਗ ਕਰਕੇ ਐਸ ਆਈ ਆਰ-2026 ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ, ਨੋਟਿਸ ਪੜਾਅ, ਜਨਤਕ ਸੁਣਵਾਈ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟਾਂ ਨਾਲ ਵੀ ਵਿਸਥਾਰਤ ਮੀਟਿੰਗ ਕੀਤੀ ਗਈ। ਇਸ ਦੌਰਾਨ ਰੋਲ ਆਬਜ਼ਰਵਰ ਨੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਾਲ-ਨਾਲ ਜਾਰੀ ਕੀਤੇ ਗਏ ਨੋਟਿਸਾਂ ਦੇ ਨਿਪਟਾਰੇ ਸਬੰਧੀ ਉਨ੍ਹਾਂ ਦਾ ਫੀਡਬੈਕ ਪ੍ਰਾਪਤ ਕੀਤਾ।
ਇਸੇ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ 6 ਸਤੰਬਰ ਨੂੰ -2026 ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਗਏ, ਜਿੱਥੇ ਨਾਗਰਿਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਅਜਿਹੇ ਸਾਰੇ ਯੋਗ ਨੌਜਵਾਨਾਂ/ਨਾਗਰਿਕਾਂ, ਜਿਨ੍ਹਾਂ ਦੇ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਏ, ਨੂੰ ਇਨ੍ਹਾਂ ਆਪਣਾ ਨਾਮ ਵੋਟਰ ਵਜੋਂ ਦਰਜ ਕਰਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਵੱਲੋਂ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਨਾਲ ਸਬੰਧਤ ਹੋਰ ਸੇਵਾਵਾਂ ਲਈ ਨਾਗਰਿਕਾਂ ਦੀ ਸਹਾਇਤਾ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ ਆਈ ਆਰ-2026 ਤਹਿਤ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ।
ਸ੍ਰੀਮਤੀ ਮਿੱਤਲ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਚੈੱਕ ਕਰਨ ਅਤੇ ਜਿੱਥੇ ਵੀ ਲੋੜ ਹੋਵੇ, ਨਿਰਧਾਰਤ ਸਮੇਂ ਅੰਦਰ ਰਜਿਸਟ੍ਰੇਸ਼ਨ, ਸੋਧ ਜਾਂ ਸ਼ਿਫਟਿੰਗ ਲਈ ਲੋੜੀਂਦੇ ਫਾਰਮ ਜਮ੍ਹਾਂ ਕਰਵਾਉਣ।
ਵੋਟਰਾਂ ਦੀ ਸਹੂਲਤ ਲਈ ਚੋਣ ਸਬੰਧੀ ਜਾਣਕਾਰੀ ਅਤੇ ਸਹਾਇਤਾ 1950 ਟੋਲ-ਫ੍ਰੀ ਹੈਲਪਲਾਈਨ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਾਗਰਿਕ ਈਸੀਆਈ ਨੈਟ ਵੋਟਰ ਹੈਲਪ ਲਾਈਨ (ECINET Voter Helpline) ਐਪ ਅਤੇ ਵੋਟਰ ਸਰਵਿਸ ਪੋਰਟਲ (Voters’ Service Portal) ਰਾਹੀਂ ਵੀ ਵੋਟਰ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਵਿੱਚ ਸੋਧ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਦੌਰੇ ਦੌਰਾਨ ਰੋਲ ਆਬਜ਼ਰਵਰ ਨੇ ਐਸ ਆਈ ਆਰ-2026 ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਵੱਖ-ਵੱਖ ਹਿੱਤ ਧਾਰਕਾਂ ਨਾਲ ਗੱਲਬਾਤ ਕਰਕੇ ਦਾਅਵਿਆਂ, ਇਤਰਾਜ਼ਾਂ ਅਤੇ ਨੋਟਿਸਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ।
ਇਸ ਮੌਕੇ ਏ ਡੀ ਸੀ (ਜ) ਗੀਤਿਕਾ ਸਿੰਘ, ਐਸ ਡੀ ਐਮ (ਈ ਆਰ ਓ, ਐਸ ਏ ਐਸ ਨਗਰ) ਮੋਹਾਲੀ ਦਮਨਦੀਪ ਕੌਰ, ਐਸ ਡੀ ਐਮ(ਈ ਆਰ ਓ, ਖਰੜ) ਗੁਰਮੀਤ ਸਿੰਘ, ਤਹਿਸੀਲਦਾਰ (ਏ ਈ ਆਰ ਓ, ਖਰੜ) ਹਰਮਿੰਦਰ ਸਿੰਘ ਘੋਲੀਆ, ਤਹਿਸੀਲਦਾਰ ਜ਼ਿਲ੍ਹਾ ਚੋਣ ਦਫ਼ਤਰ ਹਰਪ੍ਰੀਤ ਕੌਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ਿਸ਼ ਸਿੰਘ ਅੰਟਾਲ ਵੀ ਮੌਜੂਦ ਸਨ।







