Weather Alert: ਪੰਜਾਬ ਸਣੇ 22 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚਿਤਾਵਨੀ
ਚੰਡੀਗੜ੍ਹ 7 ਸਤੰਬਰ 2026
ਦੇਸ਼ ਦੇ ਕਈ ਹਿੱਸਿਆਂ ਵਿੱਚ ਅੱਜ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ 22 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਹਵਾਵਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਪੰਜਾਬ ਵਿੱਚ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪਠਾਨਕੋਟ ਅਤੇ ਨਵਾਂ ਸ਼ਹਿਰ ਸ਼ਾਮਲ ਹਨ। ਇਸ ਤੋਂ ਇਲਾਵਾ ਪਾਕਿਸਤਾਨ ਨਾਲ ਲੱਗਦੀ ਸਰਹੱਦ ਵਾਲੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ।
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਖ਼ਾਸ ਕਰਕੇ ਖੁੱਲ੍ਹੇ ਇਲਾਕਿਆਂ ਵਿੱਚ ਜਾਣ ਅਤੇ ਬਿਜਲੀ ਦੀਆਂ ਤਾਰਾਂ ਜਾਂ ਦਰੱਖਤਾਂ ਦੇ ਨੇੜੇ ਖੜ੍ਹੇ ਹੋਣ ਤੋਂ ਸਾਵਧਾਨ ਰਹਿਣ ਦੀ ਲੋੜ ਹੈ।







