ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ, ਮਾਲਵਾ ਪੱਟੀ ਦੇ ਕਿਸਾਨਾਂ ਦੀ ਵਧੀ ਚਿੰਤਾ
ਚੰਡੀਗੜ੍ਹ 7 ਸਤੰਬਰ 2026
ਪੰਜਾਬ ਦੇ ਕਿਸਾਨਾਂ ਲਈ ਝੋਨੇ ਦੀ ਫ਼ਸਲ ਨੂੰ ਲੈ ਕੇ ਇੱਕ ਹੋਰ ਚਿੰਤਾ ਸਾਹਮਣੇ ਆਈ ਹੈ। ਮਾਲਵਾ ਪੱਟੀ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਖੁਸ਼ਕ ਰਹਿਣ ਕਾਰਨ ਇਸ ਹਮਲੇ ਨੂੰ ਲੈ ਕੇ ਕਿਸਾਨਾਂ ਵਿੱਚ ਚਿੰਤਾ ਵਧ ਗਈ ਹੈ। ਕਈ ਕਿਸਾਨਾਂ ਵੱਲੋਂ ਸੁੰਡੀ ਦੀ ਰੋਕਥਾਮ ਲਈ ਕੀਟਨਾਸ਼ਕ ਦਵਾਈਆਂ ਦੀ ਸਪਰੇਅ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਅਧਿਕਾਰੀਆਂ ਨੇ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲਿਆ। ਖੇਤੀ ਮਾਹਿਰਾਂ ਮੁਤਾਬਕ ਇਸ ਵੇਲੇ ਪੱਤਾ ਲਪੇਟ ਸੁੰਡੀ ਦਾ ਹਮਲਾ ਮੁੱਢਲੀ ਸਟੇਜ ’ਤੇ ਹੈ ਅਤੇ ਇਸ ਨੂੰ ਲੈ ਕੇ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਖੇਤੀਬਾੜੀ ਵਿਭਾਗ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਬਿਨਾਂ ਲੋੜ ਤੋਂ ਕੀਟਨਾਸ਼ਕਾਂ ਦੀ ਸਪਰੇਅ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਇਹ ਹਮਲਾ ਬਿਨਾਂ ਸਪਰੇਅ ਤੋਂ ਵੀ ਕਾਬੂ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਮੁਤਾਬਕ ਜਦੋਂ ਝੋਨੇ ਦੀ ਫ਼ਸਲ ’ਤੇ ਭਰਵਾਂ ਮੀਂਹ ਪਵੇਗਾ ਤਾਂ ਸੁੰਡੀ ਪਾਣੀ ਵਿੱਚ ਡਿੱਗ ਕੇ ਕੁਦਰਤੀ ਤੌਰ ’ਤੇ ਮਰ ਜਾਵੇਗੀ। ਕਿਸਾਨਾਂ ਨੂੰ ਫ਼ਸਲ ਦੀ ਨਿਯਮਤ ਨਿਗਰਾਨੀ ਕਰਨ ਅਤੇ ਮਾਹਿਰਾਂ ਦੀ ਸਲਾਹ ਤੋਂ ਬਾਅਦ ਹੀ ਦਵਾਈ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।







