ਪੰਜਾਬ ਸਿੱਖਿਆ ਖੇਤਰ ‘ਚ ਮੋਹਰੀ; 5 ਕਰੋੜ ਤੋਂ ਵੱਧ ਲੋਕਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਭ: ਭਗਵੰਤ ਮਾਨ
ਚੰਡੀਗੜ੍ਹ, 7 ਸਤੰਬਰ 2026
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਹੋਏ ਸੁਧਾਰਾਂ ਨੂੰ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ, ਪਰ ਹੁਣ ਸੂਬਾ ਪ੍ਰਾਇਮਰੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਅਤੇ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 5 ਕਰੋੜ ਤੋਂ ਵੱਧ ਲੋਕ ਓਪੀਡੀ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ।







