Punjab News: ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵਲੋਂ ਸੇਵਾਮੁਕਤ ਅਧਿਆਪਕ ਚਾਚੇ ਦਾ ਕਤਲ
ਹਾਜੀਪੁਰ 7 ਸਤੰਬਰ 2026
ਕਸਬਾ ਹਾਜੀਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਭਤੀਜੇ ਵੱਲੋਂ ਆਪਣੇ ਸੇਵਾਮੁਕਤ ਅਧਿਆਪਕ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਾਜੀਪੁਰ ਦੇ ਮੁਹੱਲਾ ਪੜਾਅ ਵਾਸੀ ਨੰਬਰਦਾਰ ਮਹਿੰਦਰ ਸਿੰਘ ਪੁੱਤਰ ਦੀਵਾਨ ਚੰਦ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਸ਼ਾਮ ਸਮੇਂ ਆਪਣੇ ਘਰ ਦੇ ਬਾਹਰ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਦਾ ਭਤੀਜਾ ਉੱਥੇ ਪਹੁੰਚਿਆ ਅਤੇ ਕਥਿਤ ਤੌਰ ’ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਮਹਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਮੁੱਢਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦਾ ਕਾਰਨ ਪਰਿਵਾਰ ਵਿੱਚ ਚੱਲ ਰਿਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।







