BREAKING- ਪੰਜਾਬ ਸਰਕਾਰ ਨਾਲ ਸਹਿਮਤੀ ਮਗਰੋਂ ਚੰਡੀਗੜ੍ਹ ਕਿਸਾਨ ਮੋਰਚਾ ਸਮਾਪਤ
ਚੰਡੀਗੜ੍ਹ/ਮੋਹਾਲੀ, 7 ਸਤੰਬਰ: ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਹੇ ਕਿਸਾਨੀ ਮੋਰਚੇ ਨੂੰ ਪੰਜਾਬ ਸਰਕਾਰ ਨਾਲ ਹੋਈ ਸਹਿਮਤੀ ਤੋਂ ਬਾਅਦ ਸਮਾਪਤ ਕਰਨ ਦਾ ਐਲਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਰ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਅੰਦੋਲਨ ਦੌਰਾਨ ਉਠਾਈਆਂ ਗਈਆਂ ਮੰਗਾਂ ’ਤੇ ਸਰਕਾਰ ਨਾਲ ਸਹਿਮਤੀ ਬਣੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਸਬੰਧੀ ਜਿਹੜੇ ਸਮਝੌਤੇ ਹੋਏ ਹਨ, ਉਨ੍ਹਾਂ ’ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਇਸ ਮਾਮਲੇ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਵਿਚਾਰਿਆ ਜਾਵੇਗਾ। ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨਾਲ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ 1966 ਤੋਂ ਪੰਜਾਬ ਦੇ ਪਾਣੀਆਂ ਨਾਲ ਜੋ ਕੁਝ ਹੋਇਆ ਹੈ, ਉਸ ਨੂੰ ਅੱਗੇ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿੱਚ ਬਹਿਸ ਤੋਂ ਬਾਅਦ ਕਿਸਾਨਾਂ ਦੇ ਕਰਜ਼ਿਆਂ ਲਈ ਵਨ-ਟਾਈਮ ਸੈਟਲਮੈਂਟ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਵਿੱਚ ਵਿਆਜ ਤੋਂ ਰਾਹਤ ਅਤੇ ਮੂਲ ਰਕਮ ਵਿੱਚ ਵੀ ਕਟੌਤੀ ਦੀ ਵਿਵਸਥਾ ਹੋਵੇਗੀ।
ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਸਬੰਧੀ ਮਤੇ ਪਾਸ ਕਰਨ ਦੀ ਗੱਲ ਵੀ ਕਹੀ ਗਈ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਗੰਨੇ ਦਾ ਭਾਅ ਦੇਸ਼ ਵਿੱਚ ਸਭ ਤੋਂ ਵੱਧ ਯਕੀਨੀ ਬਣਾਇਆ ਜਾਵੇਗਾ ਅਤੇ ਖੰਡ ਮਿੱਲਾਂ ਕਿਸਾਨਾਂ ਦਾ ਬਕਾਇਆ ਨਹੀਂ ਰੱਖ ਸਕਣਗੀਆਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੇ ਕਿਸੇ ਅੰਦੋਲਨ ਦੀਆਂ 100 ਫੀਸਦੀ ਮੰਗਾਂ ਮੰਨੀਆਂ ਜਾਂਦੀਆਂ ਦੇਖੀਆਂ ਹਨ।







