ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ! ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਖਦੇੜਿਆ!

Top Trending News ਪੰਜਾਬ

 

ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ! ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਖਦੇੜਿਆ!

ਚੰਡੀਗੜ੍ਹ, 8 ਸਤੰਬਰ 2026 : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕੀਤੀ ਅਤੇ ਬਾਅਦ ਵਿੱਚ ਪਾਣੀ ਦੀਆਂ ਬੁਛਾੜਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ।

ਕਾਂਗਰਸ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ’ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਾਂਗਰਸ ਨੇ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਖ਼ੁਦਕੁਸ਼ੀਆਂ ਦੇ ਮਾਮਲਿਆਂ ਦਾ ਵੀ ਮੁੱਦਾ ਉਠਾਇਆ।

ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਤਾਨਾਸ਼ਾਹੀ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵੜਿੰਗ ਨੇ ਆਮ ਆਦਮੀ ਪਾਰਟੀ ’ਤੇ ਗੈਂਗਸਟਰਾਂ ਨੂੰ ਕਥਿਤ ਤੌਰ ’ਤੇ ਬਚਾਉਣ ਦੇ ਦੋਸ਼ ਵੀ ਲਗਾਏ।