ਸਾਂਝਾ ਮੁਲਾਜ਼ਮ ਮੰਚ ਵੱਲੋਂ ਇੱਕ ਦਿਨਾ ਕਲਮਛੋੜ ਹੜਤਾਲ, ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ

Top Trending News ਪੰਜਾਬ

  • ਸਾਂਝਾ ਮੁਲਾਜ਼ਮ ਮੰਚ ਵੱਲੋਂ ਇੱਕ ਦਿਨਾ ਕਲਮਛੋੜ ਹੜਤਾਲ, ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ
  • 12-13 ਨੂੰ ਕੈਬਨਿਟ ਮੰਤਰੀਆਂ ਦਾ ਘਿਰਾਓ

ਸ਼੍ਰੀ ਮੁਕਤਸਰ ਸਾਹਿਬ, 8 ਸਤੰਬਰ (ਦੇਸ਼ ਕਲਿੱਕ ਬਿਊਰੋ):- ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢਿਆ ਗਿਆ ਸੰਘਰਸ਼ ਦਿਨ ਪ੍ਰਤੀਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ, ਜਿਸਦੇ ਚਲਦਿਆਂ ਆਉਣ ਵਾਲੇ ਸਮੇਂ ਵਿੱਚ ਵੱਡੇ ਐਕਸ਼ਨ ਦੇਖਣ ਨੂੰ ਮਿਲਣਗੇ। ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਤਨਖਾਹ ਕਮਿਸ਼ਨ ਦੇ ਬਕਾਏ ਅਦਾ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਦੀ ਪੂਰਤੀ ਲਈ ਆਉਣ ਵਾਲੇ 2 ਮਹੀਨਿਆਂ ਦੇ ਸੰਘਰਸ਼ ਦੀ ਰੂਪ ਰੇਖਾ ਉਲੀਕ ਲਈ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਮਿਤੀ: 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮਹਾ ਹੜਤਾਲ ਕੀਤੀ ਗਈ ਸੀ, ਜਿਸ ਉਪਰੰਤ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਦਬਾਅ ਪਾਉਣ ਦੇ ਮਨਸ਼ੇ ਨਾਲ ਸਮੂਹਿਕ ਛੁੱਟੀ ਲੈਣ ਵਾਲੇ ਕਰਮਚਾਰੀਆਂ ਦੀਆਂ ਲਿਸਟਾਂ ਮੰਗੀਆਂ ਗਈਆਂ ਸਨ। ਸਾਂਝਾ ਮੁਲਾਜ਼ਮ ਮੰਚ ਵੱਲੋਂ ਸਰਕਾਰ ਨੂੰ 7 ਸਤੰਬਰ ਤੱਕ ਇਹ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈਣ ਦਾ ਨੋਟਿਸ ਦਿੱਤਾ ਗਿਆ ਸੀ, ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮ ਮੰਚ ਦੇ ਨੋਟਿਸ ਦੀ ਪ੍ਰਵਾਹ ਨਹੀਂ ਕੀਤੀ ਗਈ, ਜਿਸਦੇ ਰੋਸ ਵਜੋਂ ਅੱਜ 8 ਸਤੰਬਰ ਨੂੰ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਮੁਲਾਜ਼ਮ ਮੰਚ ਵੱਲੋਂ ਲਏ ਗਏ ਫੈਸਲੇ ਅਨੁਸਾਰ 12 ਅਤੇ 13 ਸਤੰਬਰ ਨੂੰ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਲ ਹੋਣਗੇ। ਇਸ ਤੋਂ ਇਲਾਵਾ 19 ਅਤੇ 20 ਸਤੰਬਰ ਨੂੰ ਵੀ ਰਹਿੰਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ ਜਦਕਿ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮ ਸੈਸ਼ਨ ਲਗਾਇਆ ਜਾਵੇਗਾ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਬਕਾਇਦਾ ਸੱਦਾ ਪੱਤਰ ਭੇਜਿਆ ਜਾਵੇਗਾ, ਇਸ ਤੋਂ ਇਲਾਵਾ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗਾ, ਜਿਸ ਵਿੱਚ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਣਗੇ।

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਫਿਰ ਵੀ ਪੂਰੀਆਂ ਨਾ ਕੀਤੀਆਂ ਤਾਂ 21 ਅਤੇ 22 ਅਕਤੂਬਰ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਆਰ ਪਾਰ ਦੀ ਲੜਾਈ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੋਹਰ ਲਾਲ ਸ਼ਰਮਾ (ਗੌਰਮਿੰਟ ਟੀਚਰਜ਼ ਯੂਲੀਅਨ, ਕਰਮਜੀਤ ਸ਼ਰਮਾ (ਗੌਰਮਿੰਟ ਪੈਸ਼ਨ ਯੂਨੀਅਨ), ਸੁਖਵਿੰਦਰ ਸਿੰਘ ਦੋਦਾ, ਪਰਮਜੀਤ ਸਿੰਘ ਜੀ.ਟੀ.ਯੂ., ਸੁਖਦੇਵ ਮੁਹੰਮਦ, ਕਾਨੂੰਗੋ ਐਸੋਸੀਏਸ਼ਨ, ਹਰਜਿੰਦਰ ਸਿੰਘ ਪਟਵਾਰ ਯੂਨੀਅਨ, ਕੁਲਦੀਪ ਸਿੰਘ ਡਰਾਈਵਰ ਯੂਨੀਅਨ, ਓਂਕਾਰ ਸਿੰਘ, ਮੇਜਰ ਸਿੰਘ ਪੰਜਾਬ ਰੋਡਵੇਜ਼, ਮੇਜਰ ਸਿੰਘ ਬਿਜਲੀ ਬੋਰਡ, ਬਲਵੰਤ ਸਿੰਘ ਅਤੇ ਹੋਰ ਬਹੁਤ ਸਾਰੇ ਰਿਟਾਇਰਡ ਅਤੇ ਵਿਭਾਗਾਂ ਦੇ ਸਾਥੀ ਮੌਜੂਦ ਸਨ।