Breaking: 15 ਸਤੰਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਰਹਿਣਗੇ ਬੰਦ!
ਕਰਮਚਾਰੀ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਦਾ ਐਲਾਨ
ਚੰਡੀਗੜ੍ਹ 9 ਸਤੰਬਰ 2026
ਪੰਜਾਬ ਦੇ ਲੋਕਾਂ ਨੂੰ 15 ਸਤੰਬਰ ਨੂੰ ਸੇਵਾ ਕੇਂਦਰਾਂ ਨਾਲ ਸਬੰਧਤ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਯੂਨੀਅਨ ਵੱਲੋਂ ਕਿਹਾ ਗਿਆ ਹੈ ਕਿ ਕਰਮਚਾਰੀਆਂ ਦੀਆਂ ਕਈ ਅਹਿਮ ਮੰਗਾਂ ਲੰਮੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ, ਪਰ ਇਨ੍ਹਾਂ ਸਬੰਧੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਦੇ ਵਿਰੋਧ ਵਿੱਚ ਇੱਕ ਦਿਨ ਦਾ ਮੁਕੰਮਲ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮਈ-ਜੂਨ ਦੌਰਾਨ ਵੀ ਸੇਵਾ ਕੇਂਦਰ ਕਰਮਚਾਰੀਆਂ ਵੱਲੋਂ ਸੂਬੇ ਭਰ ਵਿੱਚ ਹੜਤਾਲ ਕੀਤੀ ਗਈ ਸੀ। ਉਸ ਸਮੇਂ ਸਰਕਾਰ ਅਤੇ ਯੂਨੀਅਨ ਦਰਮਿਆਨ ਗੱਲਬਾਤ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਗਈ ਸੀ।
ਹਾਲਾਂਕਿ, ਯੂਨੀਅਨ ਦਾ ਦੋਸ਼ ਹੈ ਕਿ ਉਸ ਵੇਲੇ ਹੋਏ ਭਰੋਸਿਆਂ ਅਤੇ ਮੰਗਾਂ ਦੇ ਹੱਲ ਦੀ ਪ੍ਰਕਿਰਿਆ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਰਹੀ ਹੈ। 15 ਸਤੰਬਰ ਨੂੰ ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮਾਂ ਲਈ ਅਗਲੀ ਤਾਰੀਖ਼ ਤੱਕ ਉਡੀਕ ਕਰਨੀ ਪੈ ਸਕਦੀ ਹੈ।







