- 12 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਜ਼ਿਲ੍ਹੇ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨੌਟੀਫਿਕੇਸ਼ਨ ਮੁਤਾਬਕ 12 ਸਤੰਬਰ, ਸ਼ਨੀਵਾਰ ਨੂੰ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਰਹੇਗੀ।
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਅੱਜ ਅਧਿਕਾਰਤ ਨੌਟੀਫਿਕੇਸ਼ਨ ਜਾਰੀ ਕੀਤਾ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਨੇਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਵੀ ਐਲਾਨੀ ਗਈ ਹੈ। ਇਸ ਨੌਟੀਫਿਕੇਸ਼ਨ ‘ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਦੇ ਦਸਤਖ਼ਤ ਹਨ।
ਸਾਰੇ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਭੇਜੀ ਜਾਣਕਾਰੀ
ਪੰਜਾਬ ਸਰਕਾਰ ਵੱਲੋਂ ਇਸ ਫ਼ੈਸਲੇ ਦੀ ਜਾਣਕਾਰੀ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜੀ ਗਈ ਹੈ, ਤਾਂ ਜੋ ਹੁਕਮਾਂ ਮੁਤਾਬਕ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ ਨੂੰ ਵੀ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ। ਇਸ ਤਰ੍ਹਾਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਰਹੇਗੀ।







