ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

Top Trending News ਪੰਜਾਬ

  • ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ
  • ਕੇਂਦਰ ਸਰਕਾਰ, ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਪੂਰਾ ਹਿੱਸਾ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ: ਸੌਂਦ
  • ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ; ਪਛਵਾੜਾ ਖਾਣ ਕੋਲੇ ਦੀ ਲੋੜੀਂਦੀ ਉਪਲਬਧਤਾ ਨੂੰ ਬਣਾ ਰਹੀ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
  • ਤਲਵੰਡੀ ਸਾਬੋ ਅਤੇ ਰਾਜਪੁਰਾ ਵਿਚਲੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਕੋਲ ਇੰਡੀਆ ਨਾਲ ਸਬੰਧਤ: ਤਰੁਨਪ੍ਰੀਤ ਸਿੰਘ ਸੌਂਦ
  • ਪੀ.ਐਸ.ਪੀ.ਸੀ.ਐਲ. ਦੀ ਟੀਮ ਨੇ ਤਕਨੀਕੀ ਖ਼ਰਾਬੀ ਵਾਲਾ ਇੱਕ ਯੂਨਿਟ ਕਰਵਾਇਆ ਚਾਲੂ; ਬਾਕੀ ਯੂਨਿਟਾਂ ਨੂੰ ਵੀ ਜਲਦ ਚਾਲੂ ਕਰਨ ਦੇ ਯਤਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 12 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।”

ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ।

ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਨੇ ਪਛਵਾੜਾ ਕੋਲਾ ਖਾਣ ਨੂੰ ਪਹਿਲਾਂ ਹੀ ਚਾਲੂ ਕਰ ਲਿਆ ਗਿਆ ਸੀ, ਜਿਸ ਨਾਲ ਸਰਕਾਰੀ ਬਿਜਲੀ ਉਤਪਾਦਨ ਪਲਾਂਟਾਂ ਵਾਸਤੇ ਕੋਲੇ ਦੀ ਢੁਕਵੀਂ ਉਪਲਬਧਤਾ ਯਕੀਨੀ ਬਣੀ ਹੈ।”
ਉਨ੍ਹਾਂ ਕਿਹਾ, “ਪੰਜਾਬ ਨੇ ਆਪਣੀ ਪਛਵਾੜਾ ਕੋਲਾ ਖਾਣ ਵਿੱਚੋਂ ਸਪਲਾਈ ਚਾਲੂ ਕੀਤੀ ਹੋਈ ਹੈ ਅਤੇ ਹੁਣ ਸਾਡੇ ਕੋਲ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦਾ ਹੈ, ਜਿਸ ਲਈ ਕੋਲ ਇੰਡੀਆ ਜ਼ਿੰਮੇਵਾਰ ਹੈ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲਾ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕੋਲ ਇੰਡੀਆ ਦਾ ਜ਼ਿੰਮਾ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ, ਜਿਨ੍ਹਾਂ ਵਿੱਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਪ੍ਰਾਈਵੇਟ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ, “ਸਾਡੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵੱਲੋਂ ਇੱਕ ਯੂਨਿਟ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਸਾਡੀ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਬਿਜਲੀ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਜਾਰੀ ਹਨ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖ਼ਾਸ ਕਰਕੇ ਵੱਧ ਮੰਗ ਵਾਲੇ ਸਮੇਂ ਦੌਰਾਨ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਡਾ. ਬਸੰਤ ਗਰਗ ਅਤੇ ਡਾਇਰੈਕਟਰ (ਉਤਪਾਦਨ) ਇੰਜੀ. ਪੁਨਰਦੀਪ ਸਿੰਘ ਬਰਾੜ ਵੀ ਹਾਜ਼ਰ ਸਨ।