ਅਕਾਲੀ ਦਲ ਨੂੰ ਵੱਡਾ ਝਟਕਾ! ਸਾਬਕਾ CM ਬਾਦਲ ਦੇ ਕਰੀਬੀ ਰਿਸ਼ਤੇਦਾਰ ਮੇਜਰ ਭੁਪਿੰਦਰ ਸਿੰਘ ਢਿੱਲੋਂ ਭਾਜਪਾ ’ਚ ਸ਼ਾਮਲ
ਚੰਡੀਗੜ੍ਹ 15 ਸਤੰਬਰ 2026
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਮਾਲਵਾ ਖੇਤਰ ਵਿੱਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਅਤੇ ਲਗਭਗ 25 ਸਾਲਾਂ ਤੱਕ ਉਨ੍ਹਾਂ ਦੇ ਸਿਆਸੀ ਸਕੱਤਰ ਰਹੇ ਮੇਜਰ ਭੁਪਿੰਦਰ ਸਿੰਘ ਢਿੱਲੋਂ ਬਾਦਲ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੇਜਰ ਭੁਪਿੰਦਰ ਸਿੰਘ ਢਿੱਲੋਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ। ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ।
ਮੇਜਰ ਢਿੱਲੋਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਮਾਲਵਾ ਖੇਤਰ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨਾਲ ਲੰਬੇ ਸਮੇਂ ਤੱਕ ਨੇੜਿਓਂ ਕੰਮ ਕਰਨ ਕਾਰਨ ਉਨ੍ਹਾਂ ਦੀ ਖੇਤਰ ਦੀ ਸਿਆਸੀ ਹਲਕਿਆਂ ਵਿੱਚ ਚੰਗੀ ਪਛਾਣ ਮੰਨੀ ਜਾਂਦੀ ਹੈ।
ਭਾਜਪਾ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਪਣੀ ਸਿਆਸੀ ਸਰਗਰਮੀ ਤੇਜ਼ ਕੀਤੀ ਜਾ ਰਹੀ ਹੈ। ਮੇਜਰ ਢਿੱਲੋਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਮਾਲਵਾ ਖੇਤਰ ਵਿੱਚ ਆਪਣਾ ਜਥੇਬੰਦਕ ਅਤੇ ਸਿਆਸੀ ਆਧਾਰ ਵਧਾਉਣ ਵਿੱਚ ਮਦਦ ਮਿਲਣ ਦੀ ਉਮੀਦ ਹੈ।







