DM ਖੁਦਕੁਸ਼ੀ ਮਾਮਲਾ: ਲਾਲਜੀਤ ਭੁੱਲਰ ਦੇ ਪਿਤਾ ਅਤੇ PA ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ, 15 ਸਤੰਬਰ 2026: ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਹਨਾਂ ਦੇ ਪੀ.ਏ. (PA) ਦਿਲਬਾਗ ਸਿੰਘ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡੀ.ਐੱਮ. ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਦੇ ਪਿਤਾ ਅਤੇ ਪੀ.ਏ. ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਗਾਂਊ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਲਾਲਜੀਤ ਭੁੱਲਰ ਦੇ ਪਿਤਾ ਦੇ ਵਕੀਲ ਨੇ ਅਦਾਲਤ ਸਾਹਮਣੇ ਪੱਖ ਰੱਖਦਿਆਂ ਕਿਹਾ ਕਿ ਉਹ ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਜਾਂਚ ਤੋਂ ਭੱਜ ਨਹੀਂ ਰਹੇ। ਜ਼ਿਕਰਯੋਗ ਹੈ ਕਿ ਡੀ.ਐੱਮ. ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਦੇ ਚਰਚਿਤ ਮਾਮਲੇ ਵਿੱਚ ਲਾਲਜੀਤ ਭੁੱਲਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਮੰਤਰੀ ਦੇ ਅਹੁਦੇ ਤੋਂ ਵੀ ਸਰਕਾਰ ਨੇ ਹਟਾ ਦਿੱਤਾ ਸੀ। ਇਸ ਕੇਸ ਵਿੱਚ ਲਾਲਜੀਤ ਦੇ ਪਿਤਾ ਅਤੇ ਉਹਨਾਂ ਦੇ ਨਿੱਜੀ ਸਹਾਇਕ (PA) ਦਾ ਨਾਮ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਉਹਨਾਂ ‘ਤੇ ਕਾਨੂੰਨੀ ਸ਼ਿਕੰਜਾ ਕੱਸ ਗਿਆ ਸੀ। ਫਿਲਹਾਲ ਹਾਈਕੋਰਟ ਨੇ ਸਾਰੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ‘ਤੇ ਅਦਾਲਤ ਦਾ ਅੰਤਿਮ ਹੁਕਮ ਜਾਰੀ ਕੀਤਾ ਜਾਵੇਗਾ।







