ਚੰਡੀਗੜ੍ਹ ’ਚ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ: ਗੁਲਜ਼ਾਰ ਸੁਸਾਈਡ ਕੇਸ ’ਚ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਚੰਨੀ-ਬਾਜਵਾ-ਵੜਿੰਗ ਇੱਕ ਮੰਚ ’ਤੇ
ਚੰਡੀਗੜ੍ਹ, 15 ਸਤੰਬਰ 2026- ਗੁਲਜ਼ਾਰ ਸਿੰਘ ਸੁਸਾਈਡ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਸਾਬਕਾ ਮੁੱਖ ਮੰਤਰੀ & MP ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, MP ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਔਜਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਸ਼ਾਮਲ ਹੋਏ।
ਕਾਂਗਰਸ ਆਗੂਆਂ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਸਚਿਨ ਪਾਇਲਟ ਨੇ ਦੋਸ਼ ਲਾਇਆ ਕਿ ਸਰਕਾਰ ਮਾਮਲੇ ਵਿੱਚ ਨਿਰਪੱਖ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਜਾਰੀ ਰੱਖੇਗੀ।
ਇਸ ਮੌਕੇ ਚੰਨੀ ਅਤੇ ਬਾਜਵਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਸਰਕਾਰ ਨੂੰ ਸੱਤਾ ਤੋਂ ਹਟਾਉਣ ਦਾ ਦਾਅਵਾ ਕੀਤਾ। ਚੰਨੀ ਨੇ ਕਿਹਾ ਕਿ ਕਾਂਗਰਸ ਆਗੂ ਹੁਣ ਇਕਜੁੱਟ ਹਨ। ਰੋਸ ਪ੍ਰਦਰਸ਼ਨ ਤੋਂ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਮਾਰਚ ਵੀ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।







