ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

Top Trending News ਪੰਜਾਬ

  • ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ
  • ਆਪ ਇਸ ਮਾਮਲੇ ’ਤੇ ਚੁੱਪ ਕਿਉਂ, ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਪ੍ਰਸ਼ਾਸਨ ਨੂੰ ਹਦਾਇਤ ਕਰੇ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵੱਲੋ਼ ਯੂ ਟੀ ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਦੇ ਮੁਤਾਬਕ ਚੰਡੀਗੜ੍ਹ ਵਿਚ ਹੈਲਥ ਸਟਾਫ ਦੀ ਤਾਇਨਾਤ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਸਾਰੀਆਂ ਆਸਾਮੀਆਂ ਲਈ 40 ਫੀਸਦੀ ਨਵਾਂ ਕੇਡਰ ਸਿਰਜਣ ਦਾ ਨੋਟੀਫਿਕੇਸ਼ਨ ਬੀਤੀ ਰਾਤ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੇ ਅਜਿਹਾ ਉਦੋਂ ਕੀਤਾ ਹੈ, ਜਦੋਂ ਇਸ ਕੋਲ ਵੱਖਰਾ ਹੈਲਥ ਕੇਡਰ ਸਿਰਜਣ ਦਾ ਕੋਈ ਅਧਿਕਾਰ ਨਹੀਂ ਹੈ।

ਅਕਾਲੀ ਆਗੂ ਨੇ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਅਹਿਮ ਮਾਮਲੇ ’ਤੇ ਚੁੱਪ ਕਿਉਂ ਹੈ ? ਉਹਨਾਂ ਕਿਹਾ ਕਿ ਪਹਿਲਾਂ ਵੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਚੰਡੀਗੜ੍ਹ ਦੇ ਮਾਮਲੇ ਵਿਚ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਹੁਣ ਵੀ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੇ ਯਤਨ ਹੋ ਰਹੇ ਹਨ ਜਿਸਦਾ ਜ਼ੋਰਦਾਰ ਵਿਰੋਧ ਹੋਣਾ ਚਾਹੀਦਾ ਹੈ।

ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ ਅਤੇ ਯੂ ਟੀ ਪ੍ਰਸ਼ਾਸਨ ਨੂੰ ਹਦਾਇਤ ਕਰੇ ਕਿ ਉਹ ਫੈਸਲੇ ਦੀ ਸਮੀਖਿਆ ਕਰਦਿਆਂ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ। ਉਹਨਾਂ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਨੇ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਅਧਿਆਏ ਇਤਿਹਾਸ ਦੇ ਪੋਸਟ ਗਰੈਜੂਏਟ ਕੋਰਸ ਵਿਚੋਂ ਹਟਾਉਣ ਦਾ ਇਕਪਾਸੜ ਫੈਸਲਾ ਲਿਆ ਸੀ। ਅਕਾਲੀ ਦਲ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਤਾਂ ਇਹ ਫੈਸਲਾ ਵਾਪਸ ਲੈ ਲਿਆ ਗਿਆ। ਉਹਨਾਂ ਕਿਹਾ ਕਿ ਅਸੀਂ ਵੱਖਰਾ ਹੈਲਥ ਕੇਡਰ ਖੜ੍ਹਾ ਕਰਨ ਦੇ ਫੈਸਲੇ ਦਾ ਵੀ ਹਰ ਥਾਂ ’ਤੇ ਵਿਰੋਧ ਕਰਾਂਗੇ।