Breaking: ਦਿੱਲੀ ਯੂਨੀਵਰਸਿਟੀ ’ਚ ਸਟੂਡੈਂਟ ਚੋਣਾਂ ਅੱਜ, ਡੇਢ ਲੱਖ ਤੋਂ ਵੱਧ ਵਿਦਿਆਰਥੀ ਪਾਉਣਗੇ ਵੋਟ
ਨਵੀਂ ਦਿੱਲੀ 18 ਸਤੰਬਰ 2026
ਦਿੱਲੀ ਯੂਨੀਵਰਸਿਟੀ (DU) ਵਿੱਚ ਵਿਦਿਆਰਥੀ ਸੰਘ ਚੋਣਾਂ (DUSU) ਲਈ ਅੱਜ, 18 ਸਤੰਬਰ ਨੂੰ ਵੋਟਿੰਗ ਹੋ ਰਹੀ ਹੈ। ਚੋਣਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਯੂਨੀਵਰਸਿਟੀ ਵਿੱਚ ਚੋਣ ਪ੍ਰਚਾਰ ਦੌਰਾਨ ਹੋਈਆਂ ਘਟਨਾਵਾਂ ਨੂੰ ਦੇਖਦਿਆਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਖ਼ਾਸ ਚੌਕਸੀ ਵਰਤੀ ਜਾ ਰਹੀ ਹੈ।
DUSU ਚੋਣਾਂ ਵਿੱਚ ਇਸ ਵਾਰ ਪ੍ਰਧਾਨ ਦੇ ਅਹੁਦੇ ਲਈ 7, ਉਪ ਪ੍ਰਧਾਨ ਲਈ 5, ਸਕੱਤਰ ਲਈ 4 ਅਤੇ ਸੰਯੁਕਤ ਸਕੱਤਰ ਲਈ 4 ਉਮੀਦਵਾਰ ਮੈਦਾਨ ਵਿੱਚ ਹਨ। ਯੂਨੀਵਰਸਿਟੀ ਵੱਲੋਂ ਜਾਰੀ ਚੋਣ ਪ੍ਰੋਗਰਾਮ ਮੁਤਾਬਕ ਦਿਨ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਲਈ ਵੋਟਿੰਗ ਸਵੇਰੇ 8:30 ਵਜੇ ਤੋਂ ਦੁਪਹਿਰ 1 ਵਜੇ ਤੱਕ, ਜਦਕਿ ਸ਼ਾਮ ਦੀਆਂ ਕਲਾਸਾਂ ਲਈ ਦੁਪਹਿਰ 3 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 19 ਸਤੰਬਰ ਨੂੰ ਕੀਤੀ ਜਾਵੇਗੀ।
ਚੋਣਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਹਾਈ ਕੋਰਟ ਨੇ ਚੋਣ ਪ੍ਰਚਾਰ ਦੌਰਾਨ ਹਿੰਸਾ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਦਿੱਲੀ ਯੂਨੀਵਰਸਿਟੀ ਅਤੇ ਪੁਲਿਸ ਤੋਂ ਕਾਰਵਾਈ ਬਾਰੇ ਰਿਪੋਰਟ ਮੰਗੀ ਸੀ। ਅਦਾਲਤ ਨੇ ਕਿਹਾ ਸੀ ਕਿ ਜੇਕਰ ਜਵਾਬ ਤਸੱਲੀਬਖ਼ਸ਼ ਨਾ ਹੋਇਆ ਤਾਂ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ’ਤੇ ਸਖ਼ਤ ਹੁਕਮ ਜਾਰੀ ਕੀਤੇ ਜਾ ਸਕਦੇ ਹਨ।








