ਵੱਡੀ ਖ਼ਬਰ: ਪੰਜਾਬ ਪੁਲਿਸ ਦੇ ASI ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਮਦਦ
ਅੰਮ੍ਰਿਤਸਰ/ਚੰਡੀਗੜ੍ਹ, 18 ਸਤੰਬਰ 2026: ਅੰਮ੍ਰਿਤਸਰ ਦੇ ਦਾਣਾ ਮੰਡੀ ਭਗਤਾਂ ਵਾਲਾ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਕਰ ਰਹੇ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ (ASI) ਹਰਜੀਤ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਥਾਣਾ ਗੇਟ ਹਕੀਮਾ ਦੇ ਅਧੀਨ ਆਉਂਦੇ ਖੇਤਰ ਵਿੱਚ ਵਾਪਰੀ।
ਜਾਣਕਾਰੀ ਮੁਤਾਬਕ ASI ਹਰਜੀਤ ਸਿੰਘ ਡਿਊਟੀ ਦੌਰਾਨ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਫੋਰੈਂਸਿਕ ਟੀਮਾਂ ਨੇ ਸਬੂਤ ਇਕੱਠੇ ਕੀਤੇ ਹਨ, ਜਦਕਿ ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ASI ਹਰਜੀਤ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਲਾਮ ਕੀਤਾ। ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।








