- PRTC-ਪਨਬੱਸ ਮੁਲਾਜ਼ਮਾਂ ਦਾ ਵੱਡਾ ਐਲਾਨ; 22 ਸਤੰਬਰ ਤੋਂ ਕਨਰਗੇ ਅਣਮਿੱਥੇ ਸਮੇਂ ਲਈ ਹੜਤਾਲ
ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹੈ। ਕੰਟਰੈਕਟ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ ਬਾਵਜੂਦ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ 10 ਹਜ਼ਾਰ ਕਰਨਾ ਅਤੇ ਕੰਡਮ ਹੋ ਚੁੱਕੀਆਂ ਪਨਬੱਸਾਂ ਦੀ ਥਾਂ ਨਵੀਆਂ ਬੱਸਾਂ ਸ਼ਾਮਲ ਕਰਨਾ ਹੈ। ਯੂਨੀਅਨ ਮੁਤਾਬਕ 400 ਤੋਂ ਵੱਧ ਪਨਬੱਸਾਂ ਕੰਡਮ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 10 ਤੋਂ 12 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ’ਤੇ ਕੰਮ ਕਰ ਰਹੇ 1200 ਤੋਂ ਵੱਧ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਲਾਗੂ ਕਰਨ ਅਤੇ ਸੰਘਰਸ਼ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਵੀ ਯੂਨੀਅਨ ਨੇ ਰੱਖੀ ਹੈ।
9 ਅਤੇ 17 ਸਤੰਬਰ ਦੀਆਂ ਮੀਟਿੰਗਾਂ ਮੁਲਤਵੀ ਹੋਣ ’ਤੇ ਰੋਸ
ਯੂਨੀਅਨ ਆਗੂਆਂ ਮੁਤਾਬਕ 26 ਅਗਸਤ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਦੇ ਹੱਲ ਲਈ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਇਸ ਤੋਂ ਬਾਅਦ 9 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਅਤੇ 17 ਸਤੰਬਰ ਦੀ ਮੀਟਿੰਗ ਵੀ ਪੋਸਟਪੋਨ ਕਰ ਦਿੱਤੀ ਗਈ। ਯੂਨੀਅਨ ਦਾ ਕਹਿਣਾ ਹੈ ਕਿ ਵਾਰ-ਵਾਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧਿਆ ਹੈ ਅਤੇ ਹੁਣ 22 ਸਤੰਬਰ ਤੋਂ ਹੜਤਾਲ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ।
ਯੂਨੀਅਨ ਨੇ ਆਊਟਸੋਰਸਿੰਗ ਭਰਤੀ ਵਿੱਚ ਕਥਿਤ ਬੇਨਿਯਮੀਆਂ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ’ਤੇ ਵੀ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਦਾ ਦੋਸ਼ ਹੈ ਕਿ ਪਹਿਲਾਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਨਵੀਂ ਭਰਤੀ ਕੀਤੀ ਜਾ ਰਹੀ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਫੈਸਲਾ ਨਹੀਂ ਲਿਆ ਜਾਂਦਾ, 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ।








