- ਕਿਸਾਨ ਆਗੂ ਪੰਧੇਰ ਨੇ CM ਮਾਨ ਦੇ ‘ਕਿਸਾਨਾਂ ਦੇ ਮਿੱਤਰ ਕੀੜਾ’ ਵਾਲੇ ਬਿਆਨ ’ਤੇ ਚੁੱਕੇ ਸਵਾਲ; ਪੜ੍ਹੋ ਕੀ ਕਿਹਾ ?
ਲੁਧਿਆਣਾ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨਿਆਂ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਉਨ੍ਹਾਂ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ ਹੈ।ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਆਪ ਨੂੰ ਕਿਸਾਨਾਂ ਦਾ ‘ਮਿੱਤਰ ਕੀੜਾ’ ਦੱਸ ਰਹੇ ਹਨ, ਪਰ ਉਨ੍ਹਾਂ ਦੇ ਅਮਲ ਅਤੇ ਫ਼ੈਸਲੇ ਇਸ ਦੇ ਬਿਲਕੁਲ ਉਲਟ ਸਾਬਤ ਹੁੰਦੇ ਹਨ। ਪੰਧੇਰ ਨੇ ਮੁੱਖ ਮੰਤਰੀ ਦੇ ਕਿਸਾਨਾਂ ਨਾਲ ਨੇੜਤਾ ਵਾਲੇ ਦਾਅਵੇ ’ਤੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਦੀ ਪਿਛਲੀ ਕਾਰਗੁਜ਼ਾਰੀ ਦਾ ਹਵਾਲਾ ਦਿੱਤਾ। ਪੰਧੇਰ ਨੇ ਮੁੱਖ ਮੰਤਰੀ ਦੇ ਕਿਸਾਨਾਂ ਨਾਲ ਨੇੜਤਾ ਵਾਲੇ ਦਾਅਵੇ ’ਤੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਦੀ ਪਿਛਲੀ ਕਾਰਗੁਜ਼ਾਰੀ ਦਾ ਹਵਾਲਾ ਦਿੱਤਾ।
ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਮੋਰਚੇ ਦੌਰਾਨ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਕਈ ਸਵਾਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਕਿਸਾਨਾਂ ਨਾਲ ਸਰਕਾਰ ਦਾ ਰਵੱਈਆ ਸਹਿਯੋਗ ਵਾਲਾ ਨਹੀਂ ਸੀ ਅਤੇ ਮੋਰਚੇ ਨਾਲ ਸਬੰਧਤ ਕਿਸਾਨਾਂ ਦੇ ਵਾਹਨਾਂ ਤੇ ਸਾਮਾਨ ਦੇ ਮਾਮਲੇ ਵੀ ਅਜੇ ਪੂਰੀ ਤਰ੍ਹਾਂ ਹੱਲ ਨਹੀਂ ਹੋਏ।
ਪਰਾਲੀ ਸਬੰਧੀ ਕੇਸ ਵਾਪਸ ਲੈਣ ਦੀ ਮੰਗ
ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਪ੍ਰਤੀ ਆਪਣੀ ਨੀਤੀ ਵਿੱਚ ਬਦਲਾਅ ਦੀ ਗੱਲ ਕਰ ਰਹੀ ਹੈ ਤਾਂ ਪਰਾਲੀ ਨਾਲ ਸਬੰਧਤ ਦਰਜ ਕੇਸਾਂ ਬਾਰੇ ਵੀ ਸਪੱਸ਼ਟ ਫੈਸਲਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਖ਼ਿਲਾਫ਼ ਦਰਜ ਪਰਾਲੀ ਸਬੰਧੀ ਪੁਲਿਸ ਕੇਸ ਵਾਪਸ ਲੈਣ ਲਈ ਲਿਖਤੀ ਹੁਕਮ ਜਾਰੀ ਕੀਤੇ ਜਾਣ।
ਕਿਸਾਨ ਮਜ਼ਦੂਰ ਮੋਰਚਾ ਪਹਿਲਾਂ ਵੀ ਪਰਾਲੀ ਸਾੜਨ ਨਾਲ ਸਬੰਧਤ ਕੇਸਾਂ ਸਮੇਤ ਕਿਸਾਨ ਅੰਦੋਲਨਾਂ ਦੌਰਾਨ ਦਰਜ ਹੋਏ ਮਾਮਲੇ ਵਾਪਸ ਲੈਣ ਦੀ ਮੰਗ ਕਰਦਾ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਅਤੇ ਮੋਰਚੇ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਕੁਝ ਕੇਸਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਵਾਪਸ ਲੈਣ ਬਾਰੇ ਇੱਕ ਮਹੀਨੇ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤੇ ਜਾਣ ਦੀ ਰਿਪੋਰਟ ਵੀ ਸਾਹਮਣੇ ਆਈ ਸੀ।
ਨਸ਼ਿਆਂ ਅਤੇ ਕਿਸਾਨ-ਮਜ਼ਦੂਰ ਮੁੱਦਿਆਂ ’ਤੇ ਵੀ ਸਰਕਾਰ ਨੂੰ ਘੇਰਿਆ
ਪੰਧੇਰ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਫ਼ਸਲਾਂ ਦੀ MSP ’ਤੇ ਸਰਕਾਰੀ ਖਰੀਦ, ਬਿਜਲੀ, ਜ਼ਮੀਨ ਅਤੇ ਪਿਛਲੇ ਅੰਦੋਲਨਾਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਆਪਣੀਆਂ ਮੰਗਾਂ ਦੁਹਰਾਈਆਂ।
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ ਸਤੰਬਰ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ ਹਨ। ਮੋਰਚੇ ਦੀਆਂ ਮੰਗਾਂ ਵਿੱਚ ਕੁਝ ਫ਼ਸਲਾਂ ਲਈ MSP ਦੀ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਅੰਦੋਲਨਾਂ ਦੌਰਾਨ ਦਰਜ ਕੇਸ ਵਾਪਸ ਲੈਣਾ ਅਤੇ ਸ਼ੰਭੂ-ਖਨੌਰੀ ਮੋਰਚਿਆਂ ਨਾਲ ਸਬੰਧਤ ਸਾਮਾਨ ਵਾਪਸ ਕਰਨ ਦੀ ਮੰਗ ਵੀ ਸ਼ਾਮਲ ਹੈ।
ਪੰਧੇਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਮੁੱਦਿਆਂ ਲਈ ਵਾਰ-ਵਾਰ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਕਿਸਾਨ ਜਥੇਬੰਦੀਆਂ ਨਾਲ ਸਿੱਧੀ ਗੱਲਬਾਤ ਕਰਕੇ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ।








