ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 14 ਸੂਬਿਆਂ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ
80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਤੇਜ਼ ਹਵਾਵਾਂ
ਚੰਡੀਗੜ੍ਹ 19 ਸਤੰਬਰ 2026
ਮੌਸਮ ਵਿਭਾਗ (ਆਈਐੱਮਡੀ) ਦੇ ਤਾਜ਼ਾ ਬੁਲੇਟਿਨ ਅਨੁਸਾਰ ਪੰਜਾਬ ਸਮੇਤ ਦੇਸ਼ ਦੇ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਅੱਜ ਮੀਂਹ, ਗਰਜ-ਚਮਕ ਅਤੇ ਤੇਜ਼ ਹਨੇਰੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ 70 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਝਾਰਖੰਡ, ਓਡੀਸ਼ਾ, ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਕਈ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਨੇਰੀ ਕਾਰਨ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ।
ਇਸ ਤੋਂ ਇਲਾਵਾ ਤਿੰਨ ਤੋਂ ਵੱਧ ਸੂਬਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੌਰਾਨ ਸਾਵਧਾਨ ਰਹਿਣ ਅਤੇ ਖੁੱਲ੍ਹੇ ਸਥਾਨਾਂ ’ਤੇ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।








