Punjab News: 4 ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ
ਅਬੋਹਰ, 19 ਸਤੰਬਰ: ਅਬੋਹਰ ਦੀ ਢਾਣੀ ਵਿਸ਼ੇਸ਼ਰਨਾਥ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਚਾਰ ਬੱਚਿਆਂ ਦੇ ਪਿਤਾ ਸੋਨੂੰ ਦਾ ਕਾਪੇ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਢਾਣੀ ਵਿਸ਼ੇਸ਼ਰਨਾਥ ਦਾ ਰਹਿਣ ਵਾਲਾ ਸੋਨੂੰ ਬਾਗਾਂ ਵਿੱਚ ਕਟਾਈ ਦਾ ਕੰਮ ਕਰਦਾ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ਖ਼ਤਮ ਕਰਕੇ ਘਰ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਕਾਪੇ ਨਾਲ ਤਾਬੜਤੋੜ ਵਾਰ ਕਰ ਦਿੱਤੇ। ਗੰਭੀਰ ਜ਼ਖ਼ਮੀ ਹੋਣ ਕਾਰਨ ਸੋਨੂੰ ਦੀ ਮੌਤ ਹੋ ਗਈ।
ਵਾਰਦਾਤ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ-2 ਦੇ ਐਸ.ਐਚ.ਓ. ਰਵਿੰਦਰ ਭਿੱਟੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।








