ਅਕਾਲ ਤਖ਼ਤ ਸਾਹਿਬ ਨੇ ਅਮਰਜੀਤ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ
ਅੰਮ੍ਰਿਤਸਰ, 20 ਸਤੰਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਅਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਬੰਧੀ ਸਖ਼ਤ ਫ਼ੈਸਲੇ ਲਏ ਗਏ। ਇਹ ਕਾਰਵਾਈ ਆਨੰਦਪੁਰ ਸਾਹਿਬ ਨਾਲ ਸਬੰਧਤ ਇੱਕ ਮਹਿਲਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਅਤੇ ਇਸ ਸਬੰਧੀ ਪ੍ਰਾਪਤ ਹੋਏ ਪੱਤਰਾਂ ਤੇ ਸੁਝਾਵਾਂ ਦੇ ਆਧਾਰ ’ਤੇ ਕੀਤੀ ਗਈ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਨੂੰ ਦੋਸ਼ਾਂ ਤੋਂ ਨਿਰਦੋਸ਼ ਸਾਬਤ ਹੋਣ ਤੱਕ ਸਿੱਖੀ ਵਿੱਚੋਂ ਖ਼ਾਰਜ ਕੀਤਾ ਗਿਆ ਹੈ। ਉਨ੍ਹਾਂ ਦੇ ਧਾਰਮਿਕ ਸਿੱਖ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਕਰਨ ’ਤੇ ਵੀ ਰੋਕ ਲਗਾਈ ਗਈ ਹੈ। ਨਿਰਦੋਸ਼ ਸਾਬਤ ਹੋਣ ਉਪਰੰਤ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਪਵੇਗਾ।
ਇਸੇ ਤਰ੍ਹਾਂ ਗਿਆਨੀ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਕਥਿਤ ਗਲਤ ਚੈਟਿੰਗ ਦੇ ਦੋਸ਼ਾਂ ਦੇ ਮਾਮਲੇ ਵਿੱਚ ਵੀ ਪੰਜ ਸਿੰਘ ਸਾਹਿਬਾਨ ਨੇ ਨਿਰਦੋਸ਼ ਸਾਬਤ ਹੋਣ ਤੱਕ ਸਿੱਖੀ ਵਿੱਚੋਂ ਖ਼ਾਰਜ ਕਰਨ ਅਤੇ ਧਾਰਮਿਕ ਸੰਸਥਾਵਾਂ ਵਿੱਚ ਸੇਵਾ ’ਤੇ ਰੋਕ ਦਾ ਫ਼ੈਸਲਾ ਕੀਤਾ।
ਇਸ ਤੋਂ ਇਲਾਵਾ ਦਿੱਲੀ ਦੇ ਸੁਭਾਸ਼ ਨਗਰ ਅਤੇ ਮੁੰਬਈ ਦੇ ਮੀਰਾ ਰੋਡ ਸਥਿਤ ਗੁਰਦੁਆਰਾ ਪ੍ਰਬੰਧਕਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਅਗਲੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਪੰਥਕ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ।








