ਪੰਜਾਬ ’ਚ ਕੀਤੇ ਵਾਅਦੇ ਪੂਰੇ ਕਰਕੇ ਮੁੜ ਸਰਕਾਰ ਬਣਾਏਗੀ AAP: ਮਨੀਸ਼ ਸਿਸੋਦੀਆ
ਨਵਾਂਸ਼ਹਿਰ, 20 ਸਤੰਬਰ 2026: ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਮੁੜ ਸਰਕਾਰ ਬਣਾਏਗੀ। ਇਹ ਦਾਅਵਾ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਾਂਸ਼ਹਿਰ ਵਿਖੇ ‘ਮਿਸ਼ਨ 2027’ ਤਹਿਤ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਕੀਤਾ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਸਰਕਾਰ ਨੇ ਵਿਸ਼ੇਸ਼ ਤਰਜੀਹ ਦਿੱਤੀ ਹੈ। ਮੁਹੱਲਾ ਕਲੀਨਿਕਾਂ ਅਤੇ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਨੂੰ ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦੱਸਿਆ।
ਉਨ੍ਹਾਂ ਕਿਹਾ ਕਿ ਔਰਤਾਂ ਲਈ ਮਹੀਨਾਵਾਰ ਵਿੱਤੀ ਸਹਾਇਤਾ ਦੀ ਰਾਸ਼ੀ 1000 ਤੋਂ ਵਧਾ ਕੇ 1500 ਰੁਪਏ ਕਰਨ ਅਤੇ ਇਹ ਰਕਮ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਉਣ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਬਿਜਲੀ, ਪਾਣੀ ਅਤੇ ਨਹਿਰੀ ਖੇਤਰ ਵਿੱਚ ਵੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ।
ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਸੰਤੋਸ਼ ਕਟਾਰੀਆ, ਜਸਪ੍ਰੀਤ ਸਿੰਘ ਰੋਬੀ ਕੰਗ, ਸੰਜੀਵ ਚੇਚੀ ਅਤੇ ਕੁਲਜੀਤ ਸਿੰਘ ਸਰਹਾਲ ਸਮੇਤ ਹੋਰ ਆਗੂ ਹਾਜ਼ਰ ਸਨ।








