ਕੇਂਦਰ ਦਾ ਪੰਜਾਬ ਨਾਲ ਇੱਕ ਹੋਰ ਧੱਕਾ; ਕਿਸ਼ਾਊ ਪ੍ਰਾਜੈਕਟ ਚੋਂ ਪੰਜਾਬ ਦਾ ਨਾਮ ਗਾਇਬ! ਸੁਪਰੀਮ ਕੋਰਟ ਜਾਵੇਗੀ ਸੂਬਾ ਸਰਕਾਰ
ਚੰਡੀਗੜ੍ਹ 21 ਸਤੰਬਰ 2026
ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਲਈ ਹੈ। ਸਰਕਾਰ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਜਾਣ ਵਾਲੀ ਪਟੀਸ਼ਨ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
15 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਸਰਕਾਰਾਂ ਨੇ ਕਿਸ਼ਾਊ ਪ੍ਰਾਜੈਕਟ ਨੂੰ ਅੱਗੇ ਵਧਾਉਣ ਸਬੰਧੀ ਸਮਝੌਤੇ ’ਤੇ ਦਸਤਖ਼ਤ ਕੀਤੇ ਸਨ। ਇਸ ਸਮਝੌਤੇ ਵਿੱਚ ਪੰਜਾਬ ਨੂੰ ਸ਼ਾਮਲ ਨਹੀਂ ਕੀਤਾ ਗਿਆ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਸੂਬੇ ਨੂੰ ਭਰੋਸੇ ਵਿੱਚ ਲਏ ਬਿਨਾਂ ਯਮੁਨਾ ਬੇਸਿਨ ਨਾਲ ਸਬੰਧਤ ਇਹ ਪ੍ਰਾਜੈਕਟ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਨੇ ਇਸ ਨੂੰ ਪੰਜਾਬ ਦੇ ਹਿੱਤਾਂ ਨਾਲ ਜੁੜਿਆ ਮਾਮਲਾ ਦੱਸਦਿਆਂ ਕੇਂਦਰੀ ਫ਼ੈਸਲੇ ਨੂੰ ਕਾਨੂੰਨੀ ਤੌਰ ’ਤੇ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਸਰਕਾਰ ਹੁਣ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਪੱਖ ਅਤੇ ਹੱਕਾਂ ਨੂੰ ਰੱਖਣ ਦੀ ਤਿਆਰੀ ਕਰ ਰਹੀ ਹੈ। ਦੱਸਦੇ ਚੱਲੀਏ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਪੰਜਾਬ ਦੇ ਨਾਲ ਧੱਕਾ ਹੋਇਆ ਹੋਵੇ, ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੇ ਵੱਲੋਂ ਅਜਿਹਾ ਹੀ ਪੰਜਾਬ ਦੇ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ।








