ਭਾਜਪਾ ਵੱਲੋਂ ਪੰਜਾਬ ‘ਚ ਸਰਕਾਰ ਬਣਦਿਆਂ ਸਾਰ ਨਸ਼ਿਆਂ ਦੀ ਸਪਲਾਈ ਲੜੀ ਅਤੇ ਤਸਕਰਾਂ ਦੀਆਂ ਜਾਇਦਾਦਾਂ ਤਬਾਹ ਕਰਨ ਦਾ ਐਲਾਨ
ਬਠਿੰਡਾ 21 ਸਤੰਬਰ 2026
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਭਾਜਪਾ ਦੀ ਚੌਥੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕਰਵਾਈ ਗਈ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਛੇ ਮਹੀਨਿਆਂ ਅੰਦਰ ਸੂਬੇ ਵਿੱਚੋਂ ਨਸ਼ਿਆਂ ਦੀ ਸਪਲਾਈ ਲੜੀ ਅਤੇ ਤਸਕਰੀ ਦੇ ਜਾਲ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੌਹਾਨ ਨੇ ਦਾਅਵਾ ਕੀਤਾ ਕਿ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਆਖਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਸੁਨੇਹਾ ਲੈ ਕੇ ਪੰਜਾਬ ਪਹੁੰਚੇ ਹਨ ਕਿ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।








