- ‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ; ਲੋਕ ਕੰਮਾਂ ਦੇ ਆਧਾਰ ’ਤੇ ਕਰਨ ਪਿਛਲੀਆਂ ਤੇ ਮੌਜੂਦਾ ਸਰਕਾਰ ਦੀ ਤੁਲਨਾ: ਅਮਨ ਅਰੋੜਾ
- ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਪਹੁੰਚਾਇਆ ਜਾ ਰਿਹਾ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ
- ਮੁਫ਼ਤ ਬਿਜਲੀ, ਸਿਹਤ, ਸਿੱਖਿਆ ਅਤੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਰਾਹੀਂ ਔਸਤ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਦਾ ਲਾਭ ਮਿਲਣ ਦਾ ਦਾਅਵਾ
- ਆਮ ਆਦਮੀ ਪਾਰਟੀ ਵਰਕਰਾਂ ਤੇ ਵਲੰਟੀਅਰਾਂ ਦੀ ਪਾਰਟੀ; ਪੰਜਾਬ ਦੇ ਹਰ ਘਰ ਤੱਕ ਪਹੁੰਚਾ ਰਹੇ ਹਾਂ ਸਰਕਾਰ ਦੇ ਕੰਮਾਂ ਦਾ ਲੇਖਾ-ਜੋਖਾ: ਅਮਨ ਅਰੋੜਾ
- ਲੋਕ ਵਿਰੋਧੀ ਧਿਰਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ; ‘ਆਪ’ ਦੀ ਰਾਜਨੀਤੀ ਦਾ ਕੇਂਦਰ ਲੋਕ-ਹਿੱਤ ਅਤੇ ਕੀਤੇ ਹੋਏ ਕੰਮ: ਅਮਨ ਅਰੋੜਾ
ਸੁਨਾਮ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਡੋਰ-ਟੂ-ਡੋਰ ਮੁਹਿੰਮ ਅਤੇ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਤਹਿਤ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਰਕਰ ਅਤੇ ਵਲੰਟੀਅਰ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਲੇਖਾ-ਜੋਖਾ ਉਨ੍ਹਾਂ ਸਾਹਮਣੇ ਰੱਖ ਰਹੇ ਹਨ।
ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੀ ਸਿਆਸਤ ਦਾ ਮੁੱਢਲਾ ਸਿਧਾਂਤ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਨਾ ਹੈ। ਇਸੇ ਸੋਚ ਤਹਿਤ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਪੰਜਾਬ ਦੇ ਘਰ-ਘਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼ੁਰੂ ਕੀਤੀ ਗਈ ਇਸ ਸੂਬਾ ਪੱਧਰੀ ਮੁਹਿੰਮ ਤਹਿਤ ਇੱਕ ਵਿਸ਼ੇਸ਼ ਪੈਂਫਲੇਟ/ਰਿਪੋਰਟ ਕਾਰਡ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਵਿੱਚ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਖੇਤਰਾਂ ਵਿੱਚ ਕੀਤੀਆਂ ਪਹਿਲਕਦਮੀਆਂ ਅਤੇ ਉਨ੍ਹਾਂ ਰਾਹੀਂ ਪਰਿਵਾਰਾਂ ਨੂੰ ਹੋਣ ਵਾਲੀ ਬੱਚਤ ਦਾ ਵੇਰਵਾ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਪਰਿਵਾਰ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੇ ਖ਼ਰਚਿਆਂ ਨੂੰ ਘਟਾਉਣ ਨੂੰ ਆਪਣੀਆਂ ਮੁੱਖ ਤਰਜੀਹਾਂ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਵੱਡੀ ਗਿਣਤੀ ਵਿੱਚ ਘਰੇਲੂ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੈ। ਇਸੇ ਤਰ੍ਹਾਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਹੂਲਤਾਂ ਦੇ ਵਿਸਥਾਰ ਦਾ ਉਦੇਸ਼ ਪਰਿਵਾਰਾਂ ਦੇ ਇਲਾਜ ਅਤੇ ਬੱਚਿਆਂ ਦੀ ਪੜ੍ਹਾਈ ’ਤੇ ਹੋਣ ਵਾਲੇ ਖ਼ਰਚੇ ਨੂੰ ਘਟਾਉਣਾ ਹੈ।
ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਯੋਜਨਾ ਤਹਿਤ ਯੋਗ ਐਸ.ਸੀ. ਵਰਗ ਦੀਆਂ ਮਹਿਲਾਵਾਂ ਲਈ 1,500 ਰੁਪਏ ਅਤੇ ਹੋਰ ਯੋਗ ਵਰਗਾਂ ਦੀਆਂ ਮਹਿਲਾਵਾਂ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ ਕੀਤੇ ਗਏ ਮੁਲਾਂਕਣ ਮੁਤਾਬਕ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ, ਮਹਿਲਾਵਾਂ ਲਈ ਵਿੱਤੀ ਸਹਾਇਤਾ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਨੂੰ ਮਿਲਾ ਕੇ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰੇਲੂ ਬਜਟ ਦਾ ਹਿਸਾਬ ਲਗਾ ਕੇ ਖ਼ੁਦ ਦੇਖਣ ਕਿ ਬਿਜਲੀ, ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਵਿੱਚ ਉਨ੍ਹਾਂ ਦੀ ਕਿੰਨੀ ਬੱਚਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਦਰਤੀ ਸਰੋਤਾਂ, ਖ਼ਾਸ ਕਰਕੇ ਪਾਣੀ ਦੀ ਸੰਭਾਲ ਲਈ ਵੀ ਅਹਿਮ ਉਪਰਾਲੇ ਕੀਤੇ ਗਏ ਹਨ। ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤਾ ਗਿਆ ਹੈ।
ਪਿਛਲੀਆਂ ਸਰਕਾਰਾਂ ਦੇ ਰਿਕਾਰਡ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਵੱਡੀ ਨਿਰਣਾਇਕ ਹੈ ਅਤੇ ਉਸ ਨੂੰ ਹਰ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਕੰਮਾਂ, ਮਿਲੀਆਂ ਸਹੂਲਤਾਂ ਅਤੇ ਆਪਣੇ ਘਰੇਲੂ ਖ਼ਰਚਿਆਂ ਵਿੱਚ ਆਈ ਤਬਦੀਲੀ ਦੀ ਤੁਲਨਾ ਕਰਕੇ ਆਪਣੀ ਰਾਏ ਬਣਾਉਣ।
ਅਮਨ ਅਰੋੜਾ ਨੇ ਵਿਰੋਧੀ ਪਾਰਟੀਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਸਰਕਾਰ ਦੇ ਕੰਮਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਮੁਹਿੰਮ ਨੂੰ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕਾਂ ਨੂੰ ਮਿਲੀਆਂ ਸਹੂਲਤਾਂ ’ਤੇ ਕੇਂਦਰਿਤ ਰੱਖੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚ ਕੇ ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਣਗੇ ਅਤੇ ਉਨ੍ਹਾਂ ਦੀ ਰਾਏ ਵੀ ਸੁਣਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਸਭ ਤੋਂ ਮਹੱਤਵਪੂਰਨ ਹੈ।
ਅਮਨ ਅਰੋੜਾ ਨੇ ਕਿਹਾ, “ਅਸੀਂ ਲੋਕਾਂ ਕੋਲ ਆਪਣੇ ਕੰਮਾਂ ਦਾ ਹਿਸਾਬ ਲੈ ਕੇ ਜਾ ਰਹੇ ਹਾਂ। ਲੋਕ ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਦੇ ਕੰਮਾਂ ਦੀ ਤੁਲਨਾ ਕਰਨ, ਆਪਣੇ ਪਰਿਵਾਰ ਨੂੰ ਮਿਲੇ ਲਾਭ ਦਾ ਹਿਸਾਬ ਲਗਾਉਣ ਅਤੇ ਤੱਥਾਂ ਦੇ ਆਧਾਰ ’ਤੇ ਆਪਣੀ ਰਾਏ ਬਣਾਉਣ। ਸਾਡੀ ਰਾਜਨੀਤੀ ਦਾ ਕੇਂਦਰ ਲੋਕਾਂ ਦੀ ਭਲਾਈ ਅਤੇ ਕੰਮ ਹੈ।”








