ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ

Top Trending News ਪੰਜਾਬ
  • ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ
  • ਕਿਹਾ, ਸਖੀਆਂ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਵਿੱਚ ਨਿਭਾ ਰਹੀਆਂ ਅਹਿਮ ਭੂਮਿਕਾ
  • ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿੱਚ ਸਖੀਆਂ ਦੀ ਅਹਿਮ ਭੂਮਿਕਾ: ਡਾ. ਗੁਰਪ੍ਰੀਤ ਕੌਰ ਮਾਨ
  • ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਧੂਰੀ ਹਲਕੇ ਦੀਆਂ ਸਖੀਆਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ
  • ਧੂਰੀ ਵਿਖੇ ਕਰਵਾਇਆ ਸਖੀ ਮਿਲਣੀ ਪ੍ਰੋਗਰਾਮ

ਧੂਰੀ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਦੀਆਂ ਸਖੀਆਂ ਦੇ ਸਨਮਾਨ ਲਈ ਕਰਵਾਏ ਸਖੀ ਮਿਲਣੀ ਸਮਾਗਮ ਦੌਰਾਨ ਕੀਤਾ।

ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਖੀਆਂ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਜੋ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਰਕਾਰ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਪਛਾਣ, ਰਜਿਸਟ੍ਰੇਸ਼ਨ, ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪੂਰੇ ਕਰਵਾਉਣ ਅਤੇ ਯੋਜਨਾ ਸਬੰਧੀ ਜਾਣਕਾਰੀ ਦੇਣ ਵਿੱਚ ਸਖੀਆਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਕਈ ਮਹਿਲਾਵਾਂ ਦੇ ਦਸਤਾਵੇਜ਼ ਅਧੂਰੇ ਹੋਣ ਦੇ ਬਾਵਜੂਦ ਸਖੀਆਂ ਨੇ ਉਨ੍ਹਾਂ ਦੀ ਮਦਦ ਕਰਦਿਆਂ ਲੋੜੀਂਦੀ ਕਾਰਵਾਈ ਪੂਰੀ ਕਰਵਾਈ ਅਤੇ ਯੋਗ ਮਹਿਲਾਵਾਂ ਨੂੰ ਸਰਕਾਰੀ ਯੋਜਨਾ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸਖੀਆਂ ਦੀ ਇਹ ਸੇਵਾ ਭਾਵਨਾ ਸ਼ਲਾਘਾਯੋਗ ਹੋਣ ਦੇ ਨਾਲ-ਨਾਲ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ।

ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਯੋਗ ਮਹਿਲਾਵਾਂ ਨੂੰ ਸਤਿਕਾਰ ਭੱਤਾ (1000-1500) ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਤੇ ਸੁਧਾਰ, ਸਕੂਲ ਆਫ਼ ਐਮੀਨੈਂਸ, ਲਾਇਬ੍ਰੇਰੀਆਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਕਾਰਜਾਂ ਦਾ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਧੂਰੀ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣਾ ਹੈ।

ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਨੂੰ ਸਨਮਾਨ, ਅਧਿਕਾਰ, ਆਤਮ-ਵਿਸ਼ਵਾਸ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਸਮਰੱਥਾ ਪ੍ਰਦਾਨ ਕਰਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਮਹਿਲਾ ਮਜ਼ਬੂਤ ਹੁੰਦੀ ਹੈ ਤਾਂ ਉਸਦਾ ਪਰਿਵਾਰ ਅਤੇ ਸਮਾਜ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਸਖੀਆਂ ਨੂੰ ਭਵਿੱਖ ਵਿੱਚ ਵੀ ਇਸੇ ਸੇਵਾ ਭਾਵਨਾ ਨਾਲ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਮੇਤ ਲੋਕ-ਪੱਖੀ ਸਕੀਮਾਂ ਰਾਹੀਂ ਆਮ ਪਰਿਵਾਰਾਂ ਅਤੇ ਮਾਵਾਂ-ਭੈਣਾਂ ਦੀ ਭਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਧੂਰੀ ਹਲਕੇ ਵਿੱਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸਖੀਆਂ ਵੱਲੋਂ ਘਰ-ਘਰ ਜਾ ਕੇ ਫਾਰਮ ਭਰਨ ਅਤੇ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ।

ਸਖੀ ਮਿਲਣੀ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਨੇ ਵੀ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਹਲਕਾ ਕੋਆਰਡੀਨੇਟਰ (ਮਹਿਲਾ ਵਿੰਗ) ਹਰਵਿੰਦਰ ਕੌਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਚੇਅਰਮੈਨ ਬਲਾਕ ਸੰਮਤੀ ਰਣਯੋਧ ਸਿੰਘ, ਨਗਰ ਕੌਂਸਲ ਧੂਰੀ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ, ਰੂਬਲ ਬਾਜਵਾ, ਗਗਨ ਜਵੰਧਾ ਸਮੇਤ ਵੱਡੀ ਗਿਣਤੀ ਵਿੱਚ ਸਖੀਆਂ ਅਤੇ ਸਥਾਨਕ ਆਗੂ ਹਾਜ਼ਰ ਸਨ।