- ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਭਲਕੇ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਬੁਲਾਈ ਹੈ। ਇਹ ਮੀਟਿੰਗ ਐਤਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਵਿੱਚ ਐਕਟ ਨਾਲ ਜੁੜੇ ਵੱਖ-ਵੱਖ ਪਹਿਲੂਆਂ, ਇਸ ਦੇ ਅਮਲ ਲਈ ਅਗਲੀ ਪ੍ਰਕਿਰਿਆ ਅਤੇ ਸਬੰਧਤ ਧਿਰਾਂ ਨਾਲ ਤਾਲਮੇਲ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।
ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ ਬਣੀ ਸੀ ਕਮੇਟੀ
ਪੰਜਾਬ ਸਰਕਾਰ ਨੇ 16 ਸਤੰਬਰ ਨੂੰ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਸੀ। ਇਸ ਦਾ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨਾਲ ਲਗਾਤਾਰ ਤਾਲਮੇਲ ਕਰਨਾ ਅਤੇ ਐਕਟ ਨਾਲ ਜੁੜੇ ਅਹਿਮ ਮਾਮਲਿਆਂ ’ਤੇ ਸਰਕਾਰ ਨੂੰ ਸੁਝਾਅ ਤੇ ਰਿਪੋਰਟ ਦੇਣਾ ਹੈ। ਕਮੇਟੀ ਵਿੱਚ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾੰਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ IPS ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
30 ਸਤੰਬਰ ਦੀ ਸਮਾਂ-ਸੀਮਾ ਦਾ ਮਾਮਲਾ
ਇਸ ਐਕਟ ਵਿੱਚ ਕੁਝ ਧਾਰਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਜਤਾਏ ਗਏ ਸਨ। 30 ਸਤੰਬਰ ਦੀ ਸਮਾਂ-ਸੀਮਾ ਨੇੜੇ ਆਉਣ ਤੋਂ ਪਹਿਲਾਂ ਸਰਕਾਰ ਦੀ 7 ਮੈਂਬਰੀ ਕਮੇਟੀ ਦੀ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ, ਮੀਟਿੰਗ ਵਿੱਚ ਕਿਸੇ ਧਾਰਾ ਵਿੱਚ ਤਬਦੀਲੀ ਬਾਰੇ ਕੀ ਫੈਸਲਾ ਹੁੰਦਾ ਹੈ, ਇਹ ਬੈਠਕ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਤਬਦੀਲੀਆਂ ’ਤੇ ਕਾਨੂੰਨੀ ਰਾਏ ਲਈ ਮਾਮਲਾ ਐਡਵੋਕੇਟ ਜਨਰਲ ਕੋਲ ਵੀ ਭੇਜਿਆ ਸੀ।







