Punjab News: ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ, 9 ਅਕਤੂਬਰ ਨੂੰ ਹੋਵੇਗੀ ਸੂਬਾ ਪੱਧਰੀ ਮਹਾਂਰੈਲੀ
ਚੰਡੀਗੜ੍ਹ 27 ਸਤੰਬਰ 2026
ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਪੰਜਾਬ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਨਿਪਟਾਰੇ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਜਾਰੀ ਕੀਤੇ ਸੰਘਰਸ਼ੀ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਪੜਾਅਵਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾਂਰੈਲੀ ਕੀਤੀ ਜਾਵੇਗੀ।
ਯੂਨੀਅਨ ਆਗੂ ਨਰਿੰਦਰ ਸਿੰਘ ਨੇ ਦੱਸਿਆ ਕਿ 28 ਸਤੰਬਰ ਨੂੰ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਿਵਲ ਸਰਜਨਾਂ ਦੇ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਸਿਵਲ ਸਰਜਨਾਂ ਰਾਹੀਂ ਸਿਹਤ ਵਿਭਾਗ ਅਤੇ ਸਰਕਾਰ ਨੂੰ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ।
ਯੂਨੀਅਨ ਆਗੂ ਬਗੀਚਾ ਸਿੰਘ ਨੇ ਕਿਹਾ ਕਿ 1 ਅਕਤੂਬਰ ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਵਿਧਾਇਕਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ। ਆਗੂਆਂ ਨੇ ਕਿਹਾ ਕਿ ਮੰਗਾਂ ਦਾ ਢੁੱਕਵਾਂ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ।







