ਪੰਜਾਬ ਮਹਿਲਾ ਕਮਿਸ਼ਨ ਵੱਲੋਂ LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲਿਆਂ ਦਾ ਸੂਓ ਮੋਟੋ ਨੋਟਿਸ, 30 ਸਤੰਬਰ ਤੱਕ ਰਿਪੋਰਟ ਤਲਬ

Top Trending News ਪੰਜਾਬ

 

ਪੰਜਾਬ ਮਹਿਲਾ ਕਮਿਸ਼ਨ ਵੱਲੋਂ LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲਿਆਂ ਦਾ ਸੂਓ ਮੋਟੋ ਨੋਟਿਸ, 30 ਸਤੰਬਰ ਤੱਕ ਰਿਪੋਰਟ ਤਲਬ

ਚੰਡੀਗੜ੍ਹ, 29 ਸਤੰਬਰ 2026

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU), ਫਗਵਾੜਾ ਅਤੇ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਦਾ ਸੂਓ ਮੋਟੋ ਨੋਟਿਸ ਲੈਂਦਿਆਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਤੋਂ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਕਮਿਸ਼ਨ ਨੇ ਦੋਵੇਂ ਮਾਮਲਿਆਂ ਸਬੰਧੀ ਦਰਜ ਐੱਫਆਈਆਰਜ਼ ਦੀਆਂ ਕਾਪੀਆਂ, ਜਾਂਚ ਦੀ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਹੈ। ਅਧਿਕਾਰੀਆਂ ਨੂੰ 30 ਸਤੰਬਰ ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

LPU ਮਾਮਲੇ ਵਿੱਚ ਕਮਿਸ਼ਨ ਨੇ ਪੁਲੀਸ ਜਾਂਚ ਅਤੇ ਵਿਦਿਆਰਥਣਾਂ ਦੇ ਹੋਸਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ, ਸੀਸੀਟੀਵੀ ਨਿਗਰਾਨੀ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ’ਤੇ ਕੀਤੀ ਕਾਰਵਾਈ ਬਾਰੇ ਵੀ ਵੇਰਵੇ ਮੰਗੇ ਹਨ। ਚਿਤਕਾਰਾ ਯੂਨੀਵਰਸਿਟੀ ਮਾਮਲੇ ਵਿੱਚ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਪੁਸ਼ਟ ਜਾਣਕਾਰੀਆਂ ਅਤੇ ਵਿਦਿਆਰਥੀਆਂ ਦੇ ਵਿਰੋਧ ਨਾਲ ਸਬੰਧਤ ਤੱਥਾਂ ਦੀ ਰਿਪੋਰਟ ਮੰਗੀ ਗਈ ਹੈ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਦੀ ਮੁੱਖ ਤਰਜੀਹ ਵਿਦਿਆਰਥੀਆਂ, ਖਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਹੈ। ਉਨ੍ਹਾਂ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।