ਅਮਿਤ ਸ਼ਾਹ ਦਾ ਵੱਡਾ ਐਲਾਨ: ਭਾਜਪਾ ਸਰਕਾਰ ਬਣੀ ਤਾਂ 2029 ਤੋਂ ਪਹਿਲਾਂ ਪੰਜਾਬ ਨੂੰ ‘ਚਿੱਟੇ’ ਤੋਂ ਮੁਕਤ ਕਰਨ ਦਾ ਵਾਅਦਾ
ਜਲੰਧਰ, 30 ਸਤੰਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪਰਾਗਪੁਰ ਵਿਖੇ ਭਾਜਪਾ ਦੀ ਨਸ਼ਾ ਵਿਰੋਧੀ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਇਹ ਰੈਲੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਵਜੋਂ ਕਰਵਾਈ ਗਈ।
ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਬਲਿਦਾਨ ਪੰਜਾਬ ਨੇ ਦਿੱਤਾ ਹੈ ਅਤੇ ਉਹ ਪੰਜਾਬ ਦੀਆਂ ਮਾਵਾਂ ਨੂੰ ਹੱਥ ਜੋੜ ਕੇ ਪ੍ਰਣਾਮ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ‘ਚਿੱਟੇ’ ਦਾ ਕਾਰੋਬਾਰ ਖੁੱਲ੍ਹੇਆਮ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨੀ, ਕਾਨੂੰਨ-ਵਿਵਸਥਾ, ਮਹਿਲਾ ਸੁਰੱਖਿਆ ਅਤੇ ਨਸ਼ਿਆਂ ਸਮੇਤ ਕਈ ਮੁੱਦੇ ਅਹਿਮ ਰਹਿਣਗੇ। ਸ਼ਾਹ ਨੇ ਕਿਹਾ ਕਿ ਭਾਜਪਾ ਨਸ਼ਾ ਮੁਕਤ ਪੰਜਾਬ ਦੇ ਮੁੱਦੇ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇਗੀ।
ਅਮਿਤ ਸ਼ਾਹ ਨੇ ਵਾਅਦਾ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ‘ਚਿੱਟੇ’ ਦੇ ਵਪਾਰ ਤੋਂ ਮੁਕਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ।







