ਕੇਂਦਰ ਨੇ ਫਿਰ ਕੀਤਾ ਕਿਸਾਨਾਂ ਨਾਲ ਮਜ਼ਾਕ; ਕਣਕ ਦੇ ਭਾਅ ’ਚ ਨਿਗੂਣਾ ਵਾਧਾ- ਰਾਜੇਵਾਲ
ਚੰਡੀਗੜ੍ਹ 1 ਅਕਤੂਬਰ 2026
ਕੇਂਦਰ ਸਰਕਾਰ ਵੱਲੋਂ ਬੀਤੇ ਕੱਲ੍ਹ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਮਹਿਜ਼ 0.96 ਫ਼ੀਸਦੀ ਵਾਧਾ ਕੀਤਾ ਗਿਆ ਹੈ, ਜਦਕਿ ਖੇਤੀ ਲਾਗਤ ਅਤੇ ਮਹਿੰਗਾਈ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਡੀਜ਼ਲ ਦੇ ਭਾਅ ਵਿੱਚ ਜੂਨ ਤੋਂ ਹੁਣ ਤੱਕ ਕਈ ਗੁਣਾ ਵਾਧਾ ਹੋਇਆ ਹੈ ਅਤੇ ਖਾਦਾਂ ਸਮੇਤ ਖੇਤੀਬਾੜੀ ਲਈ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵੀ ਵਧੀਆਂ ਹਨ।
ਉਨ੍ਹਾਂ ਆਖਿਆ ਕਿ ਵਧਦੀ ਮਹਿੰਗਾਈ ਦਾ ਸਿੱਧਾ ਬੋਝ ਕਿਸਾਨਾਂ ’ਤੇ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਡਾ. ਐੱਮ.ਐੱਸ. ਸਵਾਮੀਨਾਥਨ ਵੱਲੋਂ ਸੁਝਾਏ ਗਏ ਫ਼ਾਰਮੂਲੇ ਮੁਤਾਬਕ ਕਣਕ ਦਾ ਭਾਅ ਤਿੰਨ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਹੋਣਾ ਚਾਹੀਦਾ ਸੀ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਫ਼ਸਲਾਂ ਦੇ ਭਾਅ ਵਿੱਚ ਕੀਤੇ ਵਾਧੇ ਨੂੰ ਕਿਸਾਨਾਂ ਦੀਆਂ ਆਸਾਂ ਅਤੇ ਖੇਤੀ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਦਾ।







