ਵੱਡੀ ਖ਼ਬਰ: ਰੂਸ ਜਾਣ ਵਾਲੇ ਭਾਰਤੀਆਂ ਲਈ ਵਿਦੇਸ਼ ਮੰਤਰਾਲੇ ਦੀ ਚਿਤਾਵਨੀ, ਫ਼ੌਜ ‘ਚ ਭਰਤੀ ਹੋਣ ਤੋਂ ਕੀਤਾ ਸੁਚੇਤ
ਨਵੀਂ ਦਿੱਲੀ 1 ਅਕਤੂਬਰ 2026
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਰੂਸ ਜਾਣ ਵਾਲੇ ਭਾਰਤੀ ਨਾਗਰਿਕਾਂ ਲਈ ਸਾਵਧਾਨੀ ਸਬੰਧੀ ਸਲਾਹ ਜਾਰੀ ਕੀਤੀ ਹੈ। ਮੰਤਰਾਲੇ ਨੇ ਭਾਰਤੀਆਂ ਨੂੰ ਰੂਸੀ ਫ਼ੌਜ ਵਿੱਚ ਭਰਤੀ ਹੋਣ ਤੋਂ ਬਚਣ ਦੀ ਅਪੀਲ ਕਰਦਿਆਂ ਇਸ ਨਾਲ ਜੁੜੇ ਗੰਭੀਰ ਖ਼ਤਰਿਆਂ ਅਤੇ ਜੋਖ਼ਮਾਂ ਬਾਰੇ ਸੁਚੇਤ ਕੀਤਾ ਹੈ।
ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਸਲਾਹ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਲਗਾਤਾਰ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਨਾਗਰਿਕਾਂ ਨੂੰ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਮੰਤਰਾਲੇ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਵੱਲੋਂ ਕਈ ਵਾਰ ਭਾਰਤੀ ਨਾਗਰਿਕਾਂ ਨੂੰ ਅਜਿਹੀ ਭਰਤੀ ਨਾਲ ਜੁੜੇ ਖ਼ਤਰਿਆਂ ਅਤੇ ਸੰਭਾਵਿਤ ਨਤੀਜਿਆਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ।
ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰੂਸ ਵਿੱਚ ਕਿਸੇ ਵੀ ਅਜਿਹੇ ਕੰਮ ਜਾਂ ਸਮਝੌਤੇ ਦਾ ਹਿੱਸਾ ਨਾ ਬਣਨ, ਜਿਸ ਤਹਿਤ ਉਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਸੇਵਾ ਕਰਨ ਲਈ ਮਜਬੂਰ ਜਾਂ ਭਰਤੀ ਕੀਤਾ ਜਾ ਸਕੇ। ਮੰਤਰਾਲੇ ਨੇ ਇਸ ਮਾਮਲੇ ਵਿੱਚ ਪੂਰੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।







