LPU ਹਿੰਸਾ ਮਾਮਲਾ: ਪੁਲਿਸ ਨੇ 3 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, 5 ਹੋਰ ਹਿਰਾਸਤ ’ਚ
ਜਲੰਧਰ 2 ਅਕਤੂਬਰ 2026
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੰਜ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਜੇਮਸ ਦਹੀਆ, ਗਗਨ ਅਤੇ ਕਮਲ ਵਜੋਂ ਹੋਈ ਹੈ। ਜੇਮਸ ਦਹੀਆ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਬੀਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦਾ ਵਿਦਿਆਰਥੀ ਦੱਸਿਆ ਗਿਆ ਹੈ। ਜਦਕਿ ਗਗਨ ਫਗਵਾੜਾ ਅਤੇ ਕਮਲ ਟਿੱਬੀ ਇਲਾਕੇ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਿਰਾਸਤ ਵਿੱਚ ਲਏ ਗਏ ਪੰਜ ਹੋਰ ਵਿਅਕਤੀਆਂ ਤੋਂ ਵੀ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਘਟਨਾ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਸਾਹਮਣੇ ਆਉਣ ’ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।







