- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ
ਮੁੰਬਈ/ਨਵੀਂ ਦਿੱਲੀ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਮੰਚ ’ਤੇ ਮੌਜੂਦ ਸਾਰੇ ਲੋਕ ਮਹਾਤਮਾ ਗਾਂਧੀ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਪਾ ਕੇ ਪਹੁੰਚੇ। CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਅਮਰੀਕਾ ਜਾਂਦੇ ਹਨ ਤਾਂ ਉੱਥੇ ਵੀ ਉਨ੍ਹਾਂ ਨੂੰ ਗਾਂਧੀ ਦੇ ਦੇਸ਼ ਤੋਂ ਆਇਆ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੇਸ਼ ਦੀ ਆਤਮਾ, ਅੰਬੇਡਕਰ ਰੀੜ੍ਹ ਦੀ ਹੱਡੀ ਅਤੇ ਨਹਿਰੂ ਦਿਮਾਗ ਹਨ।
CJP ਦੇ ਬੁਲਾਰੇ ਸੌਰਭ ਦਾਸ ਨੇ ਕਿਹਾ ਕਿ ਪਿਛਲੀ ਵਾਰ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਨੌਜਵਾਨ ਸੜਕਾਂ ’ਤੇ ਉਤਰੇ ਸਨ ਅਤੇ ਇਸ ਵਾਰ ਵੀ ਗਿਆਨੇਸ਼ ਕੁਮਾਰ ਦੇ ਮਾਮਲੇ ਵਿੱਚ ਅਜਿਹਾ ਹੀ ਹੋਣ ਵਾਲਾ ਹੈ। ਇਸ ਦੌਰਾਨ ਅਦਾਕਾਰ ਵਿਸ਼ਾਲ ਭਾਰਦਵਾਜ ਨੇ ਕਿਹਾ ਕਿ ਉਹ ਸਿਰਫ਼ ਆਪਣਾ ਸਮਰਥਨ ਦੇਣ ਲਈ ਪ੍ਰਦਰਸ਼ਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਬਾਲੀਵੁੱਡ ਨੂੰ ਵੀ ਇਸ ਮੁੱਦੇ ਦਾ ਸਮਰਥਨ ਕਰਨਾ ਚਾਹੀਦਾ ਹੈ ਜਾਂ ਨਹੀਂ, ਇਹ ਹਰੇਕ ਵਿਅਕਤੀ ਦਾ ਨਿੱਜੀ ਫ਼ੈਸਲਾ ਹੈ।
ਉੱਧਰ, ਦਿੱਲੀ ਵਿੱਚ SIR ਦੇ ਵਿਰੋਧ ਵਿੱਚ ਖੱਬੇ ਪੱਖੀ ਪਾਰਟੀਆਂ, ਆਮ ਆਦਮੀ ਪਾਰਟੀ (AAP) ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕੀਤਾ ਗਿਆ। ਜੰਤਰ-ਮੰਤਰ ਤੋਂ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੇ ਸਿੰਘ ਸਮੇਤ ਕਰੀਬ 700 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।







