- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ
- ਪੁਲਿਸ ਟੀਮਾਂ ਨੇ 190 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ
- ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
- ‘ਯੁੱਧ ਨਸ਼ਿਆਂ ਵਿਰੁੱਧ ’ ਦੇ 580ਵੇਂ ਦਿਨ 106 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 617 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
255ਵੇਂ ਦਿਨ, ਪੁਲਿਸ ਟੀਮਾਂ ਨੇ 303 ਵਿਅਕਤੀਆਂ ਨੂੰ ਇੱਕ ਹਥਿਆਰ ਸਮਤੇ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 75,535 ਹੋ ਗਈ ਹੈ।
ਇਸ ਤੋਂ ਇਲਾਵਾ 190 ਵਿਅਕਤੀਆਂ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ , ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 580ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ, 587 ਗ੍ਰਾਮ ਅਫੀਮ, 16 ਕਿਲੋ ਭੁੱਕੀ, 272 ਨਸ਼ੀਲੀਆਂ ਗੋਲੀਆਂ ਅਤੇ 46,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 580 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81,333 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।







