- ਸੱਜਣ ਕੁਮਾਰ ਦੇ ਘਰ ਜਾਣ ਦਾ ਮਾਮਲਾ: ਭਾਜਪਾ ਸੰਸਦ ਮੈਂਬਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੇ ਮੰਗੀ ਮੁਆਫ਼ੀ
ਅੰਮ੍ਰਿਤਸਰ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਪੇਸ਼ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਤੰਬਰ ਵਿੱਚ ਲਿਖਤੀ ਮੁਆਫ਼ੀਨਾਮਾ ਭੇਜਿਆ ਸੀ।
ਦਰਅਸਲ, ਅਗਸਤ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਦੇਹਾਂਤ ਤੋਂ ਬਾਅਦ ਬਿਧੂੜੀ ਸਮੇਤ ਭਾਜਪਾ ਦੇ ਤਿੰਨ ਸੰਸਦ ਮੈਂਬਰ ਉਨ੍ਹਾਂ ਦੇ ਘਰ ਅਫ਼ਸੋਸ ਪ੍ਰਗਟ ਕਰਨ ਗਏ ਸਨ। ਇਸ ’ਤੇ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਸੀ। ਇਸ ਮਗਰੋਂ ਬਿਧੂੜੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਸਪੱਸ਼ਟੀਕਰਨ ਭੇਜਦਿਆਂ ਸੱਜਣ ਕੁਮਾਰ ਦੇ ਘਰ ਜਾਣ ਨੂੰ ਆਪਣੀ ਭੁੱਲ ਦੱਸਿਆ ਸੀ।
ਬਿਧੂੜੀ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਕਹਿਣ ’ਤੇ ਉੱਥੇ ਗਏ ਸਨ ਅਤੇ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਰਹੇ ਹਨ।
ਜਥੇਦਾਰ ਨੇ ਮੁਆਫ਼ੀ ਮੰਗਣ ਦੇ ਕਦਮ ਨੂੰ ਦੱਸਿਆ ਸਕਾਰਾਤਮਕ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਧੂੜੀ ਵੱਲੋਂ ਆਪਣੀ ਭੁੱਲ ਸਵੀਕਾਰ ਕਰਦਿਆਂ ਮੁਆਫ਼ੀ ਮੰਗਣ ਦੇ ਕਦਮ ਨੂੰ ਸਕਾਰਾਤਮਕ ਦੱਸਿਆ। ਉਨ੍ਹਾਂ ਕਿਹਾ ਕਿ ਹੋਰ ਸਿਆਸੀ ਆਗੂਆਂ, ਖ਼ਾਸ ਕਰਕੇ ਕਾਂਗਰਸ ਨਾਲ ਸਬੰਧਤ ਜਿਹੜੇ ਆਗੂ ਸੱਜਣ ਕੁਮਾਰ ਦੇ ਘਰ ਗਏ ਸਨ, ਉਨ੍ਹਾਂ ਨੂੰ ਵੀ ਆਪਣੀ ਭੁੱਲ ਦਾ ਅਹਿਸਾਸ ਕਰਦਿਆਂ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੌਜੂਦ ਸਨ।







