ਦੇਸ਼ ਭਰ ਦੇ ਗੁਰਦੁਆਰਿਆਂ ਲਈ ‘ਆਲ ਇੰਡੀਆ ਗੁਰਦੁਆਰਾ ਐਕਟ’ ਦੀ ਮੰਗ, ਝੀਂਡਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Top Trending News ਹਰਿਆਣਾ ਪੰਜਾਬ
  • ਦੇਸ਼ ਭਰ ਦੇ ਗੁਰਦੁਆਰਿਆਂ ਲਈ ‘ਆਲ ਇੰਡੀਆ ਗੁਰਦੁਆਰਾ ਐਕਟ’ ਦੀ ਮੰਗ, ਝੀਂਡਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ
  • ਅਕਾਲ ਤਖ਼ਤ ਸਾਹਿਬ ਵਿਖੇ HSGMC ਪ੍ਰਧਾਨ ਨੇ ਕੌਮੀ ਪੱਧਰ ’ਤੇ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਬਣਾਉਣ ਦੀ ਰੱਖੀ ਮੰਗ

ਅੰਮ੍ਰਿਤਸਰ, ਅਕਤੂਬਰ 3 (ਦੇਸ਼ ਕਲਿੱਕ ਬਿਊਰੋ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇਸ਼ ਭਰ ਦੇ ਗੁਰਦੁਆਰਿਆਂ ਲਈ ‘ਆਲ ਇੰਡੀਆ ਗੁਰਦੁਆਰਾ ਐਕਟ’ ਬਣਾਉਣ ਅਤੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਦੀ ਮੰਗ ਰੱਖੀ।

ਝੀਂਡਾ ਨੇ ਕਿਹਾ ਕਿ 1925 ਦਾ ਸਿੱਖ ਗੁਰਦੁਆਰਾ ਐਕਟ ਪੁਰਾਣਾ ਹੋ ਚੁੱਕਾ ਹੈ। ਦੇਸ਼ ਦੀ ਵੰਡ ਤੋਂ ਬਾਅਦ ਸਿੱਖ ਭਾਈਚਾਰਾ ਵੱਖ-ਵੱਖ ਸੂਬਿਆਂ ਵਿੱਚ ਫੈਲ ਗਿਆ ਹੈ ਅਤੇ ਮੌਜੂਦਾ ਪ੍ਰਬੰਧ ਦੇਸ਼ ਭਰ ਦੇ ਸਿੱਖਾਂ ਦੀ ਪੂਰੀ ਨੁਮਾਇੰਦਗੀ ਨਹੀਂ ਕਰਦਾ। ਇਸ ਮੌਕੇ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਮੰਡਾਣਾ (ਲਾਡਵਾ), ਇੰਦਰਜੀਤ ਸਿੰਘ (ਪਿਹੋਵਾ) ਅਤੇ ਹਰਮਨਪ੍ਰੀਤ ਸਿੰਘ (ਥਾਨੇਸਰ) ਵੀ ਮੌਜੂਦ ਸਨ।

ਉਨ੍ਹਾਂ ਕੇਂਦਰ ਸਰਕਾਰ ਤੋਂ ‘ਨੈਸ਼ਨਲ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ’ (NSGMC) ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਿੱਖਾਂ ਦੀ ਸੰਸਦ ਵਾਂਗ ਕੰਮ ਕਰੇ ਅਤੇ ਇਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖਾਂ ਦੇ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣ।

ਝੀਂਡਾ ਨੇ ਮਹਾਰਾਸ਼ਟਰ, ਬਿਹਾਰ, ਕਰਨਾਟਕ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਿੱਖਾਂ ਨੂੰ ਕੌਮੀ ਪੱਧਰ ਦੇ ਪ੍ਰਬੰਧ ਵਿੱਚ ਉਚਿਤ ਨੁਮਾਇੰਦਗੀ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਨਵੇਂ ਕਾਨੂੰਨ ਦਾ ਖਰੜਾ 1986 ਵਿੱਚ ਜਸਟਿਸ ਹਰਬੰਸ ਸਿੰਘ ਵੱਲੋਂ ਤਿਆਰ ਕੀਤੇ ਮਸੌਦੇ ਨੂੰ ਆਧਾਰ ਬਣਾਇਆ ਜਾਵੇਗਾ।

ਰਾਜਪਾਲਾਂ ਤੇ ਮੁੱਖ ਮੰਤਰੀਆਂ ਨੂੰ ਦਿੱਤੇ ਜਾਣਗੇ ਮੰਗ ਪੱਤਰ
ਝੀਂਡਾ ਨੇ ਕਿਹਾ ਕਿ ਇਸ ਮੰਗ ਸਬੰਧੀ ਉਹ ਹਾਲ ਹੀ ਵਿੱਚ ਲੇਹ-ਲੱਦਾਖ ਦੇ ਡਿਵੀਜ਼ਨਲ ਕਮਿਸ਼ਨਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ। ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਰਾਜਪਾਲਾਂ ਅਤੇ ਮੁੱਖ ਮੰਤਰੀਆਂ ਨੂੰ ਵੀ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰਾਹੀਂ ਇਹ ਮੁੱਦਾ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਜਾਵੇਗਾ।

ਪੰਥਕ ਏਕਤਾ ਲਈ ਅਕਾਲ ਤਖ਼ਤ ਅੱਗੇ ਆਵੇ
ਸਿੱਖ ਪੰਥ ਦੀ ਏਕਤਾ ’ਤੇ ਜ਼ੋਰ ਦਿੰਦਿਆਂ ਝੀਂਡਾ ਨੇ ਕਿਹਾ ਕਿ ਸਿਆਸੀ ਗੁੱਟਬੰਦੀ ਅਤੇ ਅਹੁਦਿਆਂ ਦੀ ਲਾਲਸਾ ਕਾਰਨ ਸਿੱਖ ਭਾਈਚਾਰੇ ਵਿੱਚ ਵੰਡ ਵਧੀ ਹੈ। ਉਨ੍ਹਾਂ ਕਿਹਾ ਕਿ ਮੂਲ ਅਕਾਲੀ ਦਲ ਦੇ ਸਿਧਾਂਤਾਂ ਤੋਂ ਹਟ ਕੇ ਕਈ ਸਿਆਸੀ ਗੁੱਟ ਬਣ ਗਏ ਹਨ। ਉਨ੍ਹਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਏਕਤਾ ਲਈ ਅੱਗੇ ਆਉਣ ਅਤੇ ਸਿੱਖ ਭਾਈਚਾਰੇ ਦੀ ਅਗਵਾਈ ਕਰਨ ਦੀ ਅਪੀਲ ਕੀਤੀ।

ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਸਿਆਸਤ ਤੋਂ ਦੂਰ ਰੱਖਣ ਦੀ ਅਪੀਲ
ਅਕਾਲ ਤਖ਼ਤ ਸਾਹਿਬ ਨਾਲ ਜੁੜੇ ਹਾਲੀਆ ਵਿਵਾਦਾਂ ’ਤੇ ਝੀਂਡਾ ਨੇ ਕਿਹਾ ਕਿ ਧਾਰਮਿਕ ਤਖ਼ਤਾਂ ਦੀ ਮਰਿਆਦਾ ਨੂੰ ਸਿਆਸੀ ਵਿਵਾਦਾਂ ਵਿੱਚ ਨਹੀਂ ਘਸੀਟਣਾ ਚਾਹੀਦਾ। ਉਨ੍ਹਾਂ ਸਾਰੇ ਸਿਆਸੀ ਦਲਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਅਤੇ ਸਿਆਸੀ ਵਿਵਾਦਾਂ ਨੂੰ ਧਾਰਮਿਕ ਸੰਸਥਾਵਾਂ ਤੋਂ ਦੂਰ ਰੱਖਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਮਰਿਆਦਾ ਤੇ ਸਨਮਾਨ ਕਾਇਮ ਰੱਖਣ।