ਚਾਵਲਾ ਕੇਸ: ਅੱਜ ਹੋਵੇਗਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ, SGPC ਦੁਪਿਹਰ 12 ਵਜੇ ਜਾਂਚ ਰਿਪੋਰਟ ਕਰੇਗੀ ਜਨਤਕ
ਅੰਮ੍ਰਿਤਸਰ 6 ਅਕਤੂਬਰ 2026
ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਵਿਵਾਦਿਤ ਮਾਮਲੇ ਦੀ ਜਾਂਚ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ, 6 ਅਕਤੂਬਰ ਨੂੰ ਦੁਪਹਿਰ 12 ਵਜੇ ਮੀਡੀਆ ਸਾਹਮਣੇ ਜਨਤਕ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਮਾਮਲਾ ਬੇਹੱਦ ਗੰਭੀਰ ਹੋਣ ਕਾਰਨ ਜਾਂਚ ਕਮੇਟੀ ਨੂੰ ਸਮਾਂਬੱਧ ਢੰਗ ਨਾਲ 15 ਦਿਨਾਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਕਮੇਟੀ ਨੇ ਵੱਖ-ਵੱਖ ਤੱਥਾਂ, ਦਸਤਾਵੇਜ਼ਾਂ ਅਤੇ ਸਬੰਧਤ ਧਿਰਾਂ ਦੇ ਪੱਖਾਂ ਦੀ ਘੋਖ ਤੋਂ ਬਾਅਦ ਆਪਣੀ ਰਿਪੋਰਟ ਤਿਆਰ ਕੀਤੀ ਹੈ।
ਇਹ ਮਾਮਲਾ ਬਹਿਰੀਨ ਤੋਂ ਆਈ ਇੱਕ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੈ। ਮਾਮਲੇ ਵਿੱਚ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਪੁਲੀਸ ਕੇਸ ਵੀ ਦਰਜ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਅਤੇ ਇੱਕ ਹੋਰ ਕਰਮਚਾਰੀ ਨੂੰ ਮੁਅੱਤਲ ਕਰਨ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ। ਚਾਵਲਾ ਦਾ ਅਸਤੀਫ਼ਾ ਵੀ ਪ੍ਰਵਾਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਰਿਪੋਰਟ ਤੱਥਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਰਿਪੋਰਟ ਜਨਤਕ ਹੋਣ ਤੱਕ ਸੰਜਮ ਵਰਤਣ ਦੀ ਅਪੀਲ ਕੀਤੀ।







