Ganesh ji’ is helping us! ਭਾਜਪਾ MP ਸੰਬਿਤ ਪਾਤਰਾ ਦਾ ਵੱਡਾ ਬਿਆਨ, ਕਿਹਾ- ਸਾਡੀ ‘ਗਣੇਸ਼ ਜੀ’ ਕਰ ਰਹੇ ਨੇ ਮਦਦ
ਨਵੀਂ ਦਿੱਲੀ, 6 ਅਕਤੂਬਰ 2026: ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਵੱਲੋਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਕੀਤੇ ਜਾ ਰਹੇ ਰੋਸ ਮਾਰਚ ਦਰਮਿਆਨ ਭਾਜਪਾ ਨੇ ਵਿਰੋਧੀ ਧਿਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਭਾਜਪਾ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਕਿਹਾ ਕਿ ਭਾਜਪਾ ਦੀ ਮਦਦ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਹੀਂ, ਸਗੋਂ ਭਗਵਾਨ ਗਣੇਸ਼ (Ganesh ji’ is helping us) ਕਰ ਰਹੇ ਹਨ।
ਪਾਤਰਾ ਨੇ ਕਿਹਾ, “ਸਾਡੀ ਮਦਦ ਗਿਆਨੇਸ਼ ਜੀ ਨਹੀਂ, ਗਣੇਸ਼ ਜੀ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਗਣੇਸ਼ ਜੀ ਨੂੰ ਬੁੱਧੀ, ਗਿਆਨ ਅਤੇ ਵਿਵੇਕ ਦਾ ਦੇਵਤਾ ਮੰਨਿਆ ਜਾਂਦਾ ਹੈ ਅਤੇ ਦੇਸ਼ ਦੀ ਜਨਤਾ ਕੋਲ ਵੀ ਸਹੀ-ਗਲਤ ਨੂੰ ਸਮਝਣ ਦੀ ਸਮਰੱਥਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਅੱਤਵਾਦ ਦਾ ਸਮਰਥਨ ਕਰਨ ਵਾਲੀ ਸਿਆਸਤ ਨੂੰ ਸਵੀਕਾਰ ਨਹੀਂ ਕਰਨਗੇ।
ਸੰਬਿਤ ਪਾਤਰਾ ਨੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਤਰਾ ਨੇ ਕਿਹਾ ਕਿ ਵਿਰੋਧੀ ਧਿਰ ਚੋਣੀ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੌਰਾਨ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਕੀਤੀ ਜਾ ਰਹੀ ਸੋਧ (SIR) ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੰਸਦ ਤੋਂ ਚੋਣ ਕਮਿਸ਼ਨ ਵੱਲ ਮਾਰਚ ਕੀਤਾ। ਪੁਲਿਸ ਨੇ ਮਾਰਚ ਨੂੰ ਸੰਸਦ ਸਟ੍ਰੀਟ ਨੇੜੇ ਰੋਕ ਦਿੱਤਾ, ਜਿਸ ਤੋਂ ਬਾਅਦ ਵਿਰੋਧੀ ਸੰਸਦ ਮੈਂਬਰਾਂ ਨੇ ਧਰਨਾ ਦਿੱਤਾ।







