ਸ੍ਰੀ ਗੁਰੂ ਰਵੀਦਾਸ ਜੀ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਬਰਾਬਰੀ ਨਾਲ ਜੀਵਨ ਬਤੀਤ ਕਰਨ ਦਾ ਰਾਹ ਦਿਖਾਇਆ

Top Trending News ਪੰਜਾਬ

 

ਸ੍ਰੀ ਗੁਰੂ ਰਵੀਦਾਸ ਜੀ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਬਰਾਬਰੀ ਨਾਲ ਜੀਵਨ ਬਤੀਤ ਕਰਨ ਦਾ ਰਾਹ ਦਿਖਾਇਆ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 06 ਅਕਤੂਬਰ, 2026: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ 30 ਮਿੰਟ ਦੀ ਦਸਤਾਵੇਜ਼ੀ ਫਿਲਮ ਖਰੜ ਬਲਾਕ ਦੇ ਪਿੰਡ ਬੀਬੀਪੁਰ, ਚੋਲਟਾ ਕਲਾਂ ਅਤੇ ਚੋਲਟਾ ਖੁਰਦ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਸੁਧਾਰ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਨੂੰ ਸ਼ਰਧਾ ਨਾਲ ਦੇਖਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਮੰਡਲ ਮੈਜਿਸਟ੍ਰੇਟ ਖਰੜ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪਿੰਡ-ਪਿੰਡ ਐਲ.ਈ.ਡੀ. ਸਕਰੀਨਾਂ ਰਾਹੀਂ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਬਰਾਬਰੀ, ਭਾਈਚਾਰੇ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਹਰ ਵਰਗ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਦੱਸਿਆ ਕਿ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਵਿੱਚੋਂ ਊਚ-ਨੀਚ, ਭੇਦਭਾਵ ਅਤੇ ਅਸਮਾਨਤਾ ਨੂੰ ਦੂਰ ਕਰਨ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਬਰਾਬਰੀ ਨਾਲ ਜੀਵਨ ਬਤੀਤ ਕਰਨ ਦਾ ਰਾਹ ਦਿਖਾਇਆ।

ਐਸ.ਡੀ.ਐਮ. ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਬਹੁਤ ਮਹੱਤਵਪੂਰਨ ਅਤੇ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਭਾਈਚਾਰਕ ਸਾਂਝ, ਆਪਸੀ ਸਤਿਕਾਰ ਅਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।