ਚਰਚਿਤ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫਲਤਾ, ਦੋ ਸ਼ੱਕੀ ਹਿਰਾਸਤ ’ਚ; ਮੁੱਖ ਸ਼ੂਟਰਾਂ ਦੀ ਭਾਲ ਜਾਰੀ
ਅੰਮ੍ਰਿਤਸਰ 8 ਅਕਤੂਬਰ 2026
ਚਰਚਿਤ ਇਨਫਲੂਐਂਸਰ ਮੈਡ ਸੰਧੂ ਕਤਲ ਦੇ ਚਰਚਿਤ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਅਹਿਮ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਮੁਤਾਬਕ ਪੁੱਛਗਿੱਛ ਅਤੇ ਜਾਂਚ ਤੋਂ ਮਿਲੇ ਸੁਰਾਗਾਂ ਦੇ ਆਧਾਰ ’ਤੇ ਪੁਲਿਸ ਨੂੰ ਉਮੀਦ ਹੈ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਮੁੱਖ ਸ਼ੂਟਰਾਂ ਅਤੇ ਇਸ ਪਿੱਛੇ ਕਥਿਤ ਤੌਰ ’ਤੇ ਮੌਜੂਦ ਮੁੱਖ ਸਾਜ਼ਿਸ਼ਕਾਰਾਂ ਤੱਕ ਵੀ ਜਲਦ ਪਹੁੰਚ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਸੋਸ਼ਲ ਮੀਡੀਆ ’ਤੇ ਚਰਚਿਤ ਇਨਫਲੂਐਂਸਰ ਸੀ ਅਤੇ ਉਸ ਨਾਲ ਜੁੜੇ ਕਈ ਵਿਵਾਦ ਵੀ ਸਾਹਮਣੇ ਆਏ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਅਤੇ ਬਦਮਾਸ਼ਾਂ ਵੱਲੋਂ ਕਥਿਤ ਤੌਰ ’ਤੇ ਪੈਸੇ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਉਦੇਸ਼ ਕਤਲ ਦੇ ਪਿੱਛੇ ਮੌਜੂਦ ਸਾਰੇ ਲੋਕਾਂ ਦੀ ਭੂਮਿਕਾ ਸਾਹਮਣੇ ਲਿਆ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨਾ ਹੈ।







