ਘਰ ਅੰਦਰ ਦਾਖ਼ਲ ਹੋ ਕੇ ਪਾਦਰੀ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Top Trending News ਪੰਜਾਬ
  • ਘਰ ਅੰਦਰ ਦਾਖ਼ਲ ਹੋ ਕੇ ਪਾਦਰੀ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਬਟਾਲਾ: 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿੱਚ ਵੀਰਵਾਰ ਨੂੰ ਦਿਨ ਦਿਹਾੜੇ ਪਾਦਰੀ ਬਲਵਿੰਦਰ ਪਾਲ ਉਰਫ਼ ਲਾਡੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।

ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦੇ ਸਨ ਅਤੇ ਪਰਿਵਾਰ ਮੁਤਾਬਕ ਉਹ ਘਰ ਵਿੱਚ ਇਕੱਲੇ ਰਹਿੰਦੇ ਸਨ। ਅੱਜ ਸਵੇਰੇ ਕੁਝ ਲੋਕ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਭਤੀਜੇ ਸਨੀ ਨੇ ਦੱਸਿਆ ਕਿ ਬਲਵਿੰਦਰ ਪਾਲ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੋਏ ਵਿਵਾਦ ਨਾਲ ਸਬੰਧਤ ਇੱਕ CCTV ਵੀਡੀਓ ਵੀ ਸਾਹਮਣੇ ਆਈ ਹੈ।

ਥਾਣਾ ਸਿਵਲ ਲਾਈਨ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਗਾਂਧੀ ਕੈਂਪ ਵਾਸੀ ਨਰੇਸ਼ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਘਟਨਾ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।